
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਦੇ ਪੈਨਲ ਨੇ ਅੰਮ੍ਰਿਤਸਰ ਦੀ ਅਦਾਲਤ ਵਿਚ ਪੈਰੋਲ ਦੀ ਪਟੀਸ਼ਨ ਦਾਇਰ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ਬ੍ਰਾਂਚ ਵਿਚ ਫਾਈਲ ਕਰ ਦਿੱਤੀ ਗਈ ਸੀ, ਪਰ ਸਟਾਫ਼ ਤੋਂ ਪਤਾ ਲੱਗਾ ਕਿ ਸਬੰਧਤ ਜੱਜ ਉਪਿੰਦਰਜੀਤ ਸਿੰਘ ਛੁੱਟੀ ‘ਤੇ ਹਨ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਜਿਸ ਜੱਜ ਵੱਲੋਂ ਟ੍ਰਾਇਲ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਸ ਤੋਂ ਇਲਾਵਾ ਕੋਈ ਹੋਰ ਜੱਜ ਇਸ ਅਰਜ਼ੀ ਨੂੰ ਸੁਣਵਾਈ ਲਈ ਨਹੀਂ ਲੈ ਸਕਦਾ। ਇਸ ਕਾਰਨ ਹੁਣ ਇਹ ਅਰਜ਼ੀ ਅੱਜ 12 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ 12 ਨਵੰਬਰ ਨੂੰ ਅਦਾਲਤ ਵਿਚ ਪੈਰੋਲ ਅਰਜ਼ੀ ‘ਤੇ ਕਾਰਵਾਈ ਅੱਗੇ ਵਧੇਗੀ।
ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




