PunjabTop News

ਐਤਵਾਰ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮੁੱਖ ਮੰਤਰੀ ਮਾਨ ਵੱਲੋਂ ਤਰੀਕ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਉਨ੍ਹਾਂ ਦੇ ਨਾਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਗੁਜਰਾਤ ਦੌਰੇ ‘ਤੇ ਹਨ। ਉਨ੍ਹਾਂ ਦੇ ਇਸ ਦੌਰੇ ਨੂੰ 2027 ਦੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਥੇ ਹੀ ਅਹਿਮਦਾਬਾਦ ‘ਚ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਆਪਣੇ ਕਾਰਜਾਂ ਨੂੰ ਗਿਣਵਾਇਆ ਅਤੇ ਨਾਲ ਹੀ ਪੰਜਾਬ ਦੇ ਬਜਟ ਦਾ ਐਲਾਨ ਕੀਤਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰੇਗੀ। ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ।’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।”

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਦਿਸ਼ਾਹੀਣ ਅਤੇ ਸਮਾਜ ਦੇ ਅਮੀਰ ਵਰਗਾਂ ਵੱਲ ਝੁਕਾਅ ਵਾਲਾ ਰਿਹਾ ਹੈ। ਉਨ੍ਹਾਂ ਕਿਹਾ, “ਗੁਜਰਾਤ ਵਿੱਚ ਜਿੱਥੇ ਅਸਲ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ, ਆਮ ਆਦਮੀ ਦੀਆਂ ਤਕਲੀਫ਼ਾਂ ਵਧੀਆਂ ਹਨ ਅਤੇ ਲੋਕ ਦੁੱਖ ਝੱਲ ਰਹੇ ਹਨ। ਕਾਂਗਰਸ ਤੇ ਭਾਜਪਾ ਉੱਥੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਆਮ ਆਦਮੀ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ।”

ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜਦੋਂ ਪ੍ਰਧਾਨ ਮੰਤਰੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦੇ ਗ੍ਰਹਿ ਰਾਜ ਦੇ ਲੋਕ ਮੁੱਢਲੀਆਂ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਨੇ ਡਿਜੀਟਲ ਜਨਤਾ ਦਾ ਸੰਕਲਪ ਪੇਸ਼ ਕੀਤਾ ਹੈ, ਜਿੱਥੇ ਵੋਟ ਡੇਟਾ ਸ਼ਰਾਰਤ ਰਾਹੀਂ ਬਣਾਇਆ ਜਾਂਦਾ ਹੈ ਅਤੇ ਹਰ ਰਾਜ ਵਿੱਚ ਚੋਣਾਂ ਜਿੱਤਣ ਲਈ ਵਰਤਿਆ ਜਾਂਦਾ ਹੈ। ਅੱਜ ਗੁਜਰਾਤ ਦੇ ਲੋਕ ‘ਆਪ’ ਨੂੰ ਆਪਣੇ ਮੁਕਤੀਦਾਤਾ ਵਜੋਂ ਦੇਖ ਰਹੇ ਹਨ। ‘ਆਪ’ ਦੇ ਰੂਪ ਵਿੱਚ ਹਰ ਗੁਜਰਾਤੀ ਪਰਿਵਾਰ ਦੀਆਂ ਅੱਖਾਂ ਵਿੱਚ ਉਮੀਦ ਹੈ।”

ਸੂਬਿਆਂ ਦੇ ਵਿੱਤੀ ਅਧਿਕਾਰਾਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੇ ਪੇਂਡੂ ਵਿਕਾਸ ਫੰਡ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਗੈਰ-ਜਮਹੂਰੀ ਢੰਗ ਨਾਲ ਰੋਕਿਆ ਹੈ, ਇਹੀ ਕੁੱਝ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਹੁੰਦੀ ਹੈ ਪਰ ਅੱਜ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਰੁਝਾਨ ਬਣ ਗਿਆ ਹੈ। ਜਿਵੇਂ ਇੱਕ ਗੁਲਦਸਤੇ ਦੀ ਉਸ ਦੇ ਵੰਨ-ਸੁਵੰਨੇ ਫੁੱਲਾਂ ਲਈ ਪ੍ਰਸੰਸਾ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਲੋਕਤੰਤਰ ਉਦੋਂ ਵਧਦਾ-ਫੁੱਲਦਾ ਹੈ, ਜਦੋਂ ਹਰੇਕ ਆਵਾਜ਼ ਸੁਣੀ ਜਾਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਵਿਕਾਸ ਲਈ ਫੰਡ ਵੰਡਦੇ ਸਮੇਂ ਕਿਸੇ ਨਾਲ ਵਿਤਕਰਾ ਨਹੀਂ ਕਰਦੀ। ਉਨ੍ਹਾਂ ਕਿਹਾ, “ਜਿੱਥੇ ਵੀ ‘ਆਪ’ ਨੇ ਸਰਕਾਰ ਬਣਾਈ ਹੈ, ਉੱਥੇ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਆਮ ਆਦਮੀ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਗਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ‘ਆਪ’ ਸਰਕਾਰ ਨੇ ਜਨਤਕ ਭਲਾਈ ਲਈ ਇੱਕ-ਇੱਕ ਰੁਪਏ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਈ ਹੈ।”

ਅਹਿਮ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਕਿਹਾ, ‘‘ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੰਪਤੀਆਂ ਨੂੰ ਮਾਮੂਲੀ ਕੀਮਤਾਂ ’ਤੇ ਕੁਝ ਰਸੂਖ਼ਦਾਰ ਦੋਸਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਅਸੀਂ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button