
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਿਹਾ ਵਿਵਾਦ ਹੁਣ ਹੋਰ ਗੰਭੀਰ ਰੂਪ ਧਾਰ ਚੁੱਕਾ ਹੈ। ਐਸਜੀਪੀਸੀ ਨੇ ਗਿਆਨੀ ਰਘਬੀਰ ਸਿੰਘ ਨੂੰ ਕਥਿਤ ਝੂਠੇ ਦੋਸ਼ਾਂ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ 72 ਘੰਟਿਆਂ ਦਾ ਅਲਟੀਮੇਟਮ ਜਾਰੀ ਕੀਤਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਜਵਾਬ ਪ੍ਰਾਪਤ ਨਾ ਹੋਇਆ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗਿਆਨੀ ਰਘਬੀਰ ਸਿੰਘ 2 ਅਪ੍ਰੈਲ 2026 ਤੱਕ ਛੁੱਟੀ ‘ਤੇ ਹਨ। ਉਨ੍ਹਾਂ ਕਿਹਾ ਕਿ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਹੈੱਡ ਗ੍ਰੰਥੀ ਤੋਂ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਜਾਵੇ। ਧਾਮੀ ਨੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਤਰ੍ਹਾਂ ਦੇ ਗਲਤ ਦੋਸ਼ ਬਰਦਾਸ਼ਤ ਨਹੀਂ ਕਰੇਗੀ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ SGPC ਦੇ ਕੰਮਕਾਜ ਅਤੇ ਕੁਝ ਪ੍ਰਬੰਧਕੀ ਫੈਸਲਿਆਂ ‘ਤੇ ਸਵਾਲ ਉਠਾਏ ਸਨ।
ਉਨ੍ਹਾਂ ਨੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜਤਾਈ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਚਰਚਾ ਤੇਜ਼ ਹੋ ਗਈ। ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਦਾ ਬਿਆਨ ਪਹਿਲਾਂ ਤੋਂ ਤਿਆਰ ਕੀਤੀ ਲਿਖਤ ਜਾਪਦਾ ਹੈ ਅਤੇ ਇਹ ਤੱਥਾਂ ‘ਤੇ ਆਧਾਰਿਤ ਨਹੀਂ ਹੈ। ਇਸ ਵੇਲੇ ਦੋਵਾਂ ਧਿਰਾਂ ਵਿਚਕਾਰ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਗਿਆਨੀ ਰਘਬੀਰ ਸਿੰਘ ਦੇ 72 ਘੰਟਿਆਂ ਦੇ ਅੰਦਰ ਦਿੱਤੇ ਜਾਣ ਵਾਲੇ ਜਵਾਬ ਅਤੇ ਐਸਜੀਪੀਸੀ ਦੇ ਅਗਲੇ ਕਦਮਾਂ ‘ਤੇ ਟਿਕੀਆਂ ਹੋਈਆਂ ਹਨ।
ਬੀਤੇ ਦਿਨ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਉਤੇ ਸਵਾਲ ਖੜ੍ਹੇ ਕੀਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਖਬੀਰ ਬਾਦਲ ਦੀ ਸ਼੍ਰੋਮਣੀ ਕਮੇਟੀ ਵਿੱਚ ਭੂਮਿਕਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




