ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 763 ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ 2024- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 763 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰਨਗੇ। ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਪੂਰੇ ਦੁਨੀਆਂ ਅੰਦਰ ਸ਼ਰਧਾ ਤੇ ਸਤਿਕਾਰ ਨਾਮ ਮਨਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਸ. ਮੰਨਣ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਵਿਚ ਤਾਂਘ ਹੈ ਅਤੇ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਨਹੀਂ ਲਗਦੇ ਉਨ੍ਹਾਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਮਿਲਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇ ਨਜ਼ਰ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ।
ਇਸੇ ਦੌਰਾਨ ਜਥੇ ਦੇ ਆਗੂ ਸ. ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜੇ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 2244 ਸ਼ਰਧਾਲੂਆਂ ਵਿੱਚੋਂ 1481 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਸ. ਜੱਸਲ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਇਹ ਜਥਾ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। 16 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। ਇਸੇ ਤਰ੍ਹਾਂ 17 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਅਤੇ 18 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ ਪਹੁੰਚਣਗੇ। 19 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਠਹਿਰੇਗਾ ਅਤੇ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੋਂ ਜਥੇ ਦੀ 23 ਨਵੰਬਰ ਨੂੰ ਭਾਰਤ ਵਾਪਸੀ ਹੋਵੇਗੀ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪਰਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਸੰਗਤਾਂ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.