
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵਿਰੁੱਧ ਦਾਇਰ ਮਾਣਹਾਨੀ ਦਾ ਦਾਅਵਾ ਰੱਦ ਕਰ ਦਿੱਤਾ ਹੈ।
ਅਦਾਲਤ ਨੇ ਮੰਨਿਆ ਕਿ ਜਸਟਿਸ ਰਣਜੀਤ ਸਿੰਘ ਵਿਰੁੱਧ ਮਾਣਹਾਨੀ ਦਾ ਕੋਈ ਮਾਮਲਾ ਨਹੀਂ ਬਣਦਾ। ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਭਾਵਨਾ ਨਾਇਰ ਵਿਰੁੱਧ ਹਰਜਾਨੇ ਦਾ ਦਾਅਵਾ ਦਾਇਰ ਕੀਤਾ ਸੀ।ਦਾਅਵੇ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਬਚਾਅ ਪੱਖ ਨੇ 20 ਅਗਸਤ, 2026 ਨੂੰ ਉਨ੍ਹਾਂ ਵਿਰੁੱਧ ਬੇਬੁਨਿਆਦ, ਝੂਠੇ ਅਤੇ ਬੇਹੱਦ ਅਪਮਾਨਜਨਕ ਦੋਸ਼ ਲਾਏ ਸਨ। ਇਸ ਵਿੱਚ ਖਾਸ ਤੌਰ ‘ਤੇ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਜਬਰ-ਜਨਾਹ ਦੇ ਇੱਕ ਮਾਮਲੇ ਦੇ ਮੁਲਜ਼ਮ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੇ ਇਰਾਦੇ ਨਾਲ ਇਸ ਨੂੰ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਡੀ ਡੀ ਨਿਊਜ਼ ਲਾਈਵ (DD News Live) ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕੀਤਾ ਗਿਆ ਸੀ।
ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਹੋਏ ਵਕੀਲ ਚਰਨਜੀਤ ਸਿੰਘ ਬਖ਼ਸ਼ੀ ਨੇ ਦਲੀਲ ਦਿੱਤੀ ਕਿ ਸ਼ਿਕਾਇਤਕਰਤਾ ਨੇ ਬਿਆਨ ਦੇ ਅਹਿਮ ਪਿਛੋਕੜ ਅਤੇ ਇਸ ਨਾਲ ਸਬੰਧਤ ਨਿਆਂਇਕ ਕਾਰਵਾਈ ਦਾ ਖ਼ੁਲਾਸਾ ਕੀਤੇ ਬਿਨਾਂ, ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਦੇ ਇੱਕ ਅਧੂਰੇ ਅਤੇ ਚੋਣਵੇਂ ਹਿੱਸੇ ਦੇ ਆਧਾਰ ‘ਤੇ ਅਦਾਲਤ ਤੱਕ ਪਹੁੰਚ ਕੀਤੀ ਹੈ।
ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਬਿਆਨ ਤੋਂ ਪਹਿਲੀ ਨਜ਼ਰੇ ਇਹ ਸਪਸ਼ਟ ਹੁੰਦਾ ਹੈ ਕਿ ਦਾਅਵਾ ਦਾਇਰ ਕਰਨ ਸਮੇਂ ਉਨ੍ਹਾਂ ਨੂੰ ਪੂਰੇ ਬਿਆਨ ਬਾਰੇ ਜਾਣਕਾਰੀ ਨਹੀਂ ਸੀ ਅਤੇ ਉਨ੍ਹਾਂ ਨੇ ਆਪਣੇ ਵਕੀਲ ਦੇ ਬਿਆਨ ਵਿੱਚ ਦਰਜ ਸ਼ਰਤਾਂ ਦੇ ਅਧੀਨ ਬਚਾਅ ਪੱਖ ਨੰਬਰ 2 (ਜਸਟਿਸ ਰਣਜੀਤ ਸਿੰਘ) ਦਾ ਨਾਮ ਧਿਰਾਂ ਦੀ ਸੂਚੀ ਵਿੱਚੋਂ ਹਟਾਉਣ ‘ਤੇ ਕੋਈ ਇਤਰਾਜ਼ ਵੀ ਨਹੀਂ ਜਤਾਇਆ ਸੀ। ਅਦਾਲਤ ਨੇ ਕਿਹਾ ਕਿ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸ਼ਿਕਾਇਤਕਰਤਾ ਨੇ ਖ਼ੁਦ ਮੰਨਿਆ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਪ੍ਰੈੱਸ ਕਾਨਫਰੰਸ ਦੀ ਪੂਰੀ ਵੀਡੀਓ ਨਾ ਹੋਣ ਕਾਰਨ ਮੌਜੂਦਾ ਦਾਅਵਾ ਉਨ੍ਹਾਂ ਵਿਰੁੱਧ ਵਿਚਾਰਨਯੋਗ ਨਹੀਂ ਹੈ, ਕਿਉਂਕਿ ਵੀਡੀਓ ਦੇ ਅਧੂਰੇ ਅੰਸ਼ ਤੋਂ ਉਨ੍ਹਾਂ ਵਿਰੁੱਧ ਕਾਰਵਾਈ ਦਾ ਕੋਈ ਆਧਾਰ ਸਾਹਮਣੇ ਨਹੀਂ ਆਉਂਦਾ।
ਅਦਾਲਤ ਨੇ ਪਾਇਆ ਕਿ ਸ਼ਿਕਾਇਤਕਰਤਾ ਜਸਟਿਸ ਰਣਜੀਤ ਸਿੰਘ ਵਿਰੁੱਧ ਕਾਰਵਾਈ ਦਾ ਆਧਾਰ ਸਪਸ਼ਟ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਇਹ ਦਾਅਵਾ ਰੱਦ ਕੀਤੇ ਜਾਣ ਯੋਗ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




