
ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਚੁੱਕੀ ਹੈ। ਇਸ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਹੋਏ ਅਤੇ ਫਿਰ ਹਵਾਈ ਅੱਡੇ (ਏਅਰਪੋਰਟ) ਦੇ ਅੰਦਰ ਜਾਂਦੇ ਹੋਏ ਦਿਖਾਈ ਦਿੱਤੇ ਹਨ। ਪੁਲਿਸ ਦੀ ਟੀਮ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪਹਿਲਾਂ ਦਿੱਲੀ ਪਹੁੰਚੇਗੀ ਅਤੇ ਉੱਥੋਂ ਫਲਾਈਟ ਰਾਹੀਂ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਉਹ ਸਾਢੇ 3 ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਜੇਲ੍ਹ ਤੋਂ ਬਾਹਰ ਆ ਰਹੇ ਹਨ।
ਸੰਸਦ ਮੈਂਬਰ ਭਲਕੇ (21 ਨਵੰਬਰ) ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਇਸ ਦੇ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਨੂੰ ਫ਼ਿਲਹਾਲ ਕਿਸ ਥਾਂ ‘ਤੇ ਰੱਖਿਆ ਜਾਵੇਗਾ, ਇਸ ਬਾਰੇ ਸੁਰੱਖਿਆ ਕਾਰਨਾਂ ਕਰਕੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਅਤੇ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਣ ਦੇ ਖ਼ਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਵਿਗੜਨ ਦੀ ਸਥਿਤੀ ਵਿੱਚ ਪੁਲਿਸ ਨੂੰ ਉਨ੍ਹਾਂ ਨੂੰ ਤੁਰੰਤ ਵਾਪਸ ਲਿਜਾਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ। ਅੰਮ੍ਰਿਤਸਰ ਅਦਾਲਤ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਹ ਵਿਸ਼ੇਸ਼ ਛੋਟ ਦਿੱਤੀ ਹੈ।
ਅਦਾਲਤ ਦੇ ਹੁਕਮਾਂ ਮੁਤਾਬਕ, ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਭੰਗ ਹੁੰਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਫਿਰ ਅਜਿਹੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਵੀ ਨਜ਼ਰ ਆਉਂਦਾ ਹੈ, ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।
ਅਦਾਲਤ ਨੇ ਸਰਕਾਰ ਨੂੰ ਇਹ ਅਧਿਕਾਰ ਵੀ ਦਿੱਤਾ ਹੈ ਕਿ ਲੋੜ ਪੈਣ ‘ਤੇ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਅੰਤਿਮ ਸਸਕਾਰ ਵਾਲੀ ਥਾਂ ਤੋਂ ਹੀ ਨਹੀਂ, ਸਗੋਂ ਤੁਰੰਤ ਪੰਜਾਬ ਤੋਂ ਬਾਹਰ ਵੀ ਲਿਜਾ ਸਕਦੀ ਹੈ ਪੁਲਿਸ। ਭਾਵ ਕਿ ਪੈਰੋਲ ਦੀ ਨਿਰਧਾਰਤ ਮਿਆਦ ਪੂਰੀ ਹੋਣ ਦੀ ਉਡੀਕ ਕੀਤੇ ਬਿਨਾਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਾਪਸ ਜੇਲ੍ਹ ਲਿਜਾਣ ਦਾ ਫ਼ੈਸਲਾ ਲਿਆ ਜਾ ਸਕੇਗਾ।
ਸੰਸਦ ਮੈਂਬਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਛੱਡਣ ਲਈ ਉਨ੍ਹਾਂ ਦੇ ਪਰਿਵਾਰ ਨੇ ਪੁਲਿਸ ਦੇ ਸਰਕਾਰੀ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ ‘ਤੇ ਖ਼ਰਚ ਹੋਣਗੇ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ 5 ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




