News

ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ : ਡਿਪਟੀ ਕਮਿਸ਼ਨਰ

ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ : ਡਿਪਟੀ ਕਮਿਸ਼ਨਰ

– ਪਰਾਲੀ ਦੀ ਸੁਚੱਜੀ ਸੰਭਾਲ ਲਈ 80 ਫੀਸਦੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ ਆਧੁਨਿਕ ਖੇਤੀ ਮਸ਼ੀਨਰੀ

– ਛੋਟੇ ਕਿਸਾਨ ਪਰਾਲੀ ਪ੍ਰਬੰਧਨ ਲਈ ਮੁਫਤ ਵਿੱਚ ਵਰਤ ਸਕਦੇ ਹਨ ਖੇਤੀ ਮਸ਼ੀਨਰੀ

– ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਪਿੰਡ ਸਾਧੂਗੜ੍ਹ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ

ਫ਼ਤਹਿਗ੍ੜ੍ਹ ਸਾਹਿਬ, 11 ਨਵੰਬਰ :

ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਲਈ ਲੋਕ ਲਹਿਰ ਚਲਾਉਣ ਤਾਂ ਜੋ ਗੁਰੂਆਂ ਪੀਰਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਹਮੇਸ਼ਾਂ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਨਿਜਾਤ ਦਿਵਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਪਿੰਡ ਸਾਧੂਗੜ੍ਹ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਹਮੇਸ਼ਾਂ ਦੇਸ਼ ਦੇ ਹੋਰਨਾ ਕਿਸਾਨਾਂ ਦੀ ਅਗਵਾਈ ਕਰਕੇ ਸੂਬੇ ਦੀ ਖੇਤੀ ਨੂੰ ਇੱਕ ਨਵੀਂ ਦਿੱਖ ਪ੍ਰਦਾਨ ਕੀਤੀ ਹੈ ਅਤੇ ਅੱਜ ਲੋੜ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਲਈ ਅੱਗੇ ਆਉਣ ਤਾਂ ਜੋ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਵਰਤੋਂ ਲਈ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਸਰਕਾਰ ਵੱਲੋਂ ਹੈਪੀ ਸੀਡਰ, ਰੋਟਾਵੇਟਰ, ਮਲਚਰ, ਉਲਟਾਂਵਾ ਹੱਲ, ਸੁਪਰ ਸੀਡਰ ਅਤੇ ਬੇਲਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ 80 ਫੀਸਦੀ ਤੱਕ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਜਿਥੋਂ ਕਿਸਾਨ ਕਿਰਾਏ ’ਤੇ ਲੈ ਕੇ ਇਨ੍ਹਾਂ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਇਲਾਵਾ ਢਾਈ ਏਕੜ ਤੱਕ ਜ਼ਮੀਨ ਦੇ ਮਾਲਕ ਛੋਟੇ ਕਿਸਾਨ ਸਹਿਕਾਰੀ ਸਭਾਵਾਂ ਰਾਹੀਂ ਮੁਫਤ ਵਿੱਚ ਵੀ ਇਸ ਮਸ਼ੀਨਰੀ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਿਸ ਤਰ੍ਹਾਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਉਥੇ ਹੁਣ ਕਿਸਾਨਾਂ ਦੀ ਵਾਰੀ ਹੈ ਅਤੇ ਉਹ ਅੱਗੇ ਆ ਕੇ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਲਈ ਅੱਗੇ ਆਉਣ।

ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਸਾਡੇ ਗੁਰੂਆਂ-ਪੀਰਾਂ ਨੇ ਪੌਣ ਪਾਣੀ ਨੂੰ ਸਵੱਛ ਬਣਾਉਣ ’ਤੇ ਜ਼ੋਰ ਦਿੱਤਾ ਹੈ ਉਸੇ ਤਰ੍ਹਾਂ ਅੱਜ ਸਮੇਂ ਦੀ ਮੰਗ ਹੈ ਕਿ ਪੰਜਾਬ ਦੀ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਹਮੇਸ਼ਾਂ ਲਈ ਕਿਨਾਰਾ ਕੀਤਾ ਜਾਵੇ ਕਿਉਂਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਗੱਲ ਦਾ ਪ੍ਰਣ ਲੈਣਾ ਹੋਵੇਗਾ ਕਿ ਅਸੀਂ ਜਿਥੇ ਆਪ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਾਂਗੇ ਉਥੇ ਹੀ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਜਾਗਰੂਕ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਹੁਣ ਤੱਕ ਪਰਾਲੀ ਦੀ ਸੁਚੱਜੀ ਵਰਤੋਂ ਲਈ ਕੁੱਲ 2077 ਵੱਖ-ਵੱਖ ਖੇਤੀ ਮਸ਼ੀਨਰਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਏ ਗਏ ਹਨ। ਜਿਨ੍ਹਾਂ ਵਿੱਚ 293 ਹੈਪੀ ਸੀਡਰ, 317 ਸੁਪਰ ਸੀਡਰ, 420 ਸੁਪਰ ਐਸ.ਐਮ.ਐਸ., 214 ਉਲਟਾਵੇ ਹਲ, 176 ਚੌਪਰ, 245 ਮਲਚਰ, 154 ਜੀਰੋ ਟਿੱਲ ਡਰਿੱਲ, 09 ਬੇਲਰ, 06 ਰੈਕ, 04 ਸਰਵ ਮਾਸਟਰ, 299 ਰੋਟਾਵੇਟਰ, 10 ਸਲੈਸ਼ਰ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਬਲਾਕ ਸੰਮਤੀ ਖੇੜਾ ਦੇ ਚੇਅਰਮੈਨ ਸ਼੍ਰੀ ਗੁਰਮੇਲ ਸਿੰਘ ਰਜਿੰਦਰਗੜ੍ਹ, ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਲਾਲ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅਵਿਤੇਸ਼ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫਸਰ ਖੇੜਾ ਡਾ: ਕ੍ਰਿਪਾਲ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਹਰਮਨਜੀਤ ਸਿੰਘ ਤੇ ਡਾ. ਜਤਿੰਦਰ ਸਿੰਘ, ਅਗਾਂਹਵਧੂ ਕਿਸਾਨ ਸੁਰਜੀਤ ਸਿੰਘ, ਅਮਰਿੰਦਰ ਸਿੰਘ, ਗੈਰੀ ਸਾਧੂਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button