
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ਤਹਿਤ ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਲੁਧਿਆਣਾ, ਪਟਿਆਲਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ 10 ਨਵੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਥਾਵਾਂ ‘ਤੇ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਕੋਮਲ ਮਿੱਤਲ ਨੂੰ ਐੱਸਏਐੱਸ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਬਦਲ ਕੇ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਉਨ੍ਹਾਂ ਦੀ ਥਾਂ ਆਦਿੱਤਿਆ ਦਚਲਵਾਲ ਨੂੰ ਐੱਸਏਐੱਸ ਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹਿਮਾਂਸ਼ੂ ਅਗਰਵਾਲ ਨੂੰ ਪਟਿਆਲਾ ਤੋਂ ਬਦਲ ਕੇ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ, ਜਦਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਪਟਿਆਲਾ ਭੇਜਿਆ ਗਿਆ ਹੈ। ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਥਾਂ ਅਭਿਜੀਤ ਕਪਲਿਸ਼ ਨੂੰ ਨਿਯੁਕਤ ਕੀਤਾ ਗਿਆ ਹੈ। ਕਪਲਿਸ਼ ਇਸ ਤੋਂ ਪਹਿਲਾਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਉਨ੍ਹਾਂ ਨੂੰ ਬਰਨਾਲਾ ਦਾ ਡਿਪਟੀ ਕਮਿਸ਼ਨਰ ਬਣਾਉਣ ਦੇ ਨਾਲ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਰਾਹੁਲ ਗੁਪਤਾ ਨੂੰ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਬਦਲ ਕੇ ਟਰਾਂਸਪੋਰਟ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਉਨ੍ਹਾਂ ਦੀ ਥਾਂ ਰਾਹੁਲ (ਆਈਏਐੱਸ) ਨੂੰ ਮਿਲਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰਨ ਲਈ ਉਨ੍ਹਾਂ ਦੀਆਂ ਸੇਵਾਵਾਂ ਸਹਿਕਾਰਤਾ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ। ਰਾਹੁਲ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਅਨੁਪਮ ਕਲੇਰ ਨੂੰ ਰੱਖਿਆ ਸੇਵਾਵਾਂ ਭਲਾਈ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਹਰਪ੍ਰੀਤ ਸਿੰਘ ਨੂੰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਅਭਿਜੀਤ ਕਪਲਿਸ਼ ਦੇ ਵਾਧੂ ਚਾਰਜ ਤੋਂ ਰਾਹਤ ਦਿੱਤੀ ਗਈ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੂੰ ਡਾਇਰੈਕਟਰ, ਪ੍ਰਮੋਸ਼ਨ ਆਫ ਇਨਫਰਮੇਸ਼ਨ ਟੈਕਨਾਲੋਜੀ ਇੰਡਸਟਰੀ ਨਿਯੁਕਤ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




