ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ।ਇਸ ਦੌਰਾਨ ਮੌਕੇ ‘ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਤਾਂ ਸੂਬੇ ਭਰ ਵਿੱਚ ਪਰਾਲੀ ਸਾੜ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ। ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਨੂੰ ਛੱਡਿਆ ਗਿਆ।ਪਿੰਡ ਕਲਾਲਾ ਵਿੱਚ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨ ਖ਼ਿਲਾਫ਼ ਕਾਰਵਾਈ ਕਰਨ ਲਈ ਮੌਕੇ ‘ਤੇ ਪੁੱਜੇ। ਇਸ ਦਾ ਪਤਾ ਲੱਗਦਿਆਂ ਹੀ ਜਗਸੀਰ ਸਿੰਘ ਹੋਰ ਕਿਸਾਨਾਂ ਸਣੇ ਮੌਕੇ ‘ਤੇ ਪੁੱਜੇ ਅਤੇ ਫਾਇਰ ਵਿਭਾਗ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤ ਵਿੱਚ ਹੀ ਬੰਧਕ ਬਣਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜਗਸੀਰ ਸਿੰਘ ਨੇ ਕਿਹਾ ਕਿ 12 ਫੀਸਦੀ ਕਿਸਾਨਾਂ ਕੋਲ ਹੀ ਮਸ਼ੀਨਾਂ ਹਨ ਜੋ ਪੰਜਾਬ ਸਰਕਾਰ ਕਿਸਾਨਾਂ ਨੂੰ ਵੰਡਣ ਦੀ ਗੱਲ ਕਰ ਰਹੀ ਹੈ। ਇਹ ਮਸ਼ੀਨਾਂ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਜੇ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ ਤਾਂ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ।ਬਰਨਾਲਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੰਧਕ ਬਣਾਏ ਜਾਣ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਬਰਨਾਲਾ ਦੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕਿਸਾਨਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਦਾ ਓਨਾ ਹੀ ਨੁਕਸਾਨ ਹੁੰਦਾ ਹੈ ਜਿੰਨਾ ਆਮ ਲੋਕਾਂ ਦਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.