
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਹੈ। ਇਸ ਮਾਮਲੇ ਵਿਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸੰਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ ਅਤੇ ਦਿੱਲੀ ਦੀ ਸਿੱਖ ਸੰਗਤ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਘਟਨਾ ਅੰਦਰ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿਚ ਭਾਰੀ ਰੋਸ ਹੈ।
ਕਾਰਵਾਈ ਕਰਦਿਆਂ ਜਥੇਦਾਰ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਆਪਣ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮਨਸ਼ਾ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਨਸ਼ਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇਸ਼ ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦੋਸ਼ੀ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਘਟਨਾ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਹੁਣ ਪੁਲਿਸ ਹਿਰਾਸਤ ਵਿਚ ਹੈ ਪਰੰਤੂ ਇਸ ਘਟਨਾ ਵਿਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




