Breaking NewsD5 specialNewsPress ReleasePunjabPunjab Officials

ਮੁਕੰਮਲ ਲੌਕਡਾਊਨ ਦੇ ਪੱਖ ਵਿੱਚ ਨਹੀਂ ਪਰ ਜੇ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਹੋਰ ਵੀ ਸਖਤ ਕਦਮ ਚੁੱਕਣ ‘ਤੇ ਵਿਚਾਰ ਕਰਾਂਗੇ: ਮੁੱਖ ਮੰਤਰੀ

ਬੰਦਿਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ
ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ‘ਤੇ ਲਗਾਈ ਰੋਕ, ਸਿਰਫ ਹੋਮ ਡਲਿਵਰੀ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਪਰ ਨਾਲ ਹੀ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਮੁਕੰਮਲ ਲੌਕਡਾਊਨ ਲਗਾਉਣ ਉਤੇ ਵਿਚਾਰ ਕਰਨ ਲਈ ਮਜਬੂਰ ਹੋਣਾ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਹੁਣ ਤੱਕ ਸੰਪੂਰਨ ਲੌਕਡਾਊਨ ਦੇ ਆਦੇਸ਼ ਦੇਣ ਤੋਂ ਗੁਰੇਜ਼ ਹੀ ਕੀਤਾ ਹੈ ਕਿਉਂਕਿ ਇਸ ਨਾਲ ਸਭ ਤੋਂ ਵੱਧ ਮਾਰ ਗਰੀਬਾਂ ਨੂੰ ਪੈਂਦੀ ਹੈ। ਪਰਵਾਸੀ ਮਜ਼ਦੂਰਾਂ ਨੂੰ ਹਿਜਰਤ ਕਰਨੀ ਪੈਂਦੀ ਹੈ ਅਤੇ ਉਦਯੋਗਾਂ ਨੂੰ ਹਫੜਾ-ਦਫੜੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਬੰਦਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਖਤ ਕਦਮ ਚੁੱਕਣੇ ਪੈ ਸਕਦੇ ਹਨ।
ਸੂਬੇ ਵਿੱਚ ਮੌਜੂਦਾ ਸਮੇਂ ਹਲਕੇ ਲੌਕਡਾਊਨ ਦੀ ਸਥਿਤੀ ਹੈ। ਸਰਕਾਰ ਵੱਲੋਂ ਐਤਵਾਰ ਨੂੰ ਲਗਾਈਆਂ ਹੋਰ ਰੋਕਾਂ ਦੇ ਨਾਲ ਸਖਤ ਬੰਦਸ਼ਾਂ ਲਗਾਈਆਂ ਗਈਆਂ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ ਮੌਜੂਦਾ ਰੋਕਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਜ ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ਦੀ ਰੋਕ ਦੇ ਵੀ ਹੁਕਮ ਦਿੱਤੇ ਕਿਉਂਕਿ ਇਸ ਸਹੂਲਤ ਦੇ ਬਹਾਨੇ ਨੌਜਵਾਨ ਬਾਹਰ ਘੁੰਮਣ ਨਿਕਲ ਜਾਂਦੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਿਰਫ ਖਾਣੇ ਦੀ ਹੋਮ ਡਲਿਵਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਖਾਦਾਂ ਦੀ ਵਿਕਰੀ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਉਹ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਰਾਹ ਨਹੀਂ ਜਾਣ ਦੇਣਗੇ ਜਿੱਥੇ ਮਰੀਜ਼ ਸੜਕਾਂ ਉਤੇ ਪਾਏ ਦੇਖੇ ਜਾ ਸਕਦੇ ਹਨ। ਉਨ੍ਹਾਂ ਉਦਯੋਗਾਂ ਨੂੰ ਆਪਣੇ ਸੀ.ਐਸ.ਆਰ. ਫੰਡਾਂ ਦੀ ਵਰਤੋਂ ਟੀਕਾਕਰਨ ਅਤੇ ਮਾਮੂਲੀ ਤੇ ਸਾਧਾਰਣ ਲੱਛਣਾਂ ਵਾਲੇ ਮਜ਼ਦੂਰਾਂ ਦਾ ਇਲਾਜ ਕਰਵਾਉਣ ਲਈ ਕਰਨ ਲਈ ਆਖਿਆ ਤਾਂ ਜੋ ਉਹ ਘਰ ਰਹਿ ਸਕਣ ਜਿਸ ਨਾਲ ਹਸਪਤਾਲਾਂ ‘ਤੇ ਦਬਾਅ ਘਟੇਗਾ।ਆਉਂਦੇ ਦਿਨਾਂ ਵਿਚ ਕੋਵਿਡ ਦੇ ਸਿਖਰ ਉਤੇ ਜਾਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਤਿਆਰੀਆਂ ਵਧਾਉਣ ਦੀ ਲੋੜ ਉਤੇ ਦਿੰਦੇ ਹੋਏ ਮੁੱਖ ਮੰਤਰੀ ਨੇ ਅਗਲੇ 10 ਦਿਨਾਂ ਵਿਚ ਬੈੱਡਾਂ ਦੀ ਸਮਰੱਥਾ 20 ਫੀਸਦੀ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਵੀ ਮਰੀਜ਼ਾਂ ਨੂੰ ਰੱਖਣ ਲਈ ਸਟੇਡੀਅਮਜ਼, ਜਿਮਨੇਜੀਅਮਜ਼ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਟੈਂਟ ਵਾਲੇ ਕੈਂਪ ਸਥਾਪਤ ਕਰਨੇ ਚਾਹੀਦੇ ਹਨ ਅਤੇ ਜਿੰਮਜ਼/ਹਾਲਜ਼ ਨੂੰ ਐਲ-2 ਅਤੇ ਐਲ-3 ਸੁਵਿਧਾਵਾਂ ਵਿਚ ਤਬਦੀਲ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ, ”ਸਾਨੂੰ ਬਦ ਤੋਂ ਬਦਤਰ ਸਥਿਤੀ ਲਈ ਤਿਆਰ ਰਹਿਣਾ ਹੋਵੇਗਾ।” ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਹੋਰ ਵਿਭਾਗਾਂ ਦੇ ਸਟਾਫ ਦੀਆਂ ਸੇਵਾਵਾਂ ਲੈਣ ਦੇ ਵੀ ਹੁਕਮ ਦਿੱਤੇ ਤਾਂ ਕਿ ਪੇਂਡੂ ਇਲਾਕਿਆਂ ਵਿਚ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਲੱਭਣ ਲਈ ਕਾਰਜਸ਼ਕਤੀ ਵਧਾਈ ਜਾ ਸਕੇ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਥਿਤੀ ਬਹੁਤ ਭਿਆਨਕ ਬਣੀ ਹੋਈ ਹੈ ਕਿਉਂਕਿ ਸੂਬੇ ਵਿਚ ਐਲ-3 ਲਈ ਸਿਰਫ 300 ਬੈੱਡ ਉਪਲੱਬਧ ਹਨ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਭਰ ਰਹੇ ਹਨ।
ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਐਤਵਾਰ ਨੂੰ ਸੂਬੇ ਦੀ ਪਾਜ਼ੇਟਿਵਿਟੀ ਦਰ 12 ਫੀਸਦੀ ਉਤੇ ਖੜ੍ਹੀ ਹੈ ਅਤੇ ਪਿਛਲੇ 7-10 ਦਿਨਾਂ ਤੋਂ ਮਾਲਵਾ ਖੇਤਰ ਵਿਚ ਕੇਸ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਐਲ-3 ਦੇ 90 ਫੀਸਦੀ ਬੈੱਡ ਭਰ ਗਏ ਹਨ ਅਤੇ ਕਈ ਮਾਮਲਿਆਂ ਵਿਚ 100 ਫੀਸਦੀ ਭਰ ਗਏ ਹਨ ਜਿਸ ਕਰਕੇ ਸਥਿਤੀ ਬਹੁਤ ਭਿਆਨਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੌਤ ਦਰ 2 ਫੀਸਦੀ ਦੇ ਨੇੜੇ ਪਹੁੰਚ ਗਈ ਹੈ ਅਤੇ ਪੇਂਡੂ ਇਲਾਕਿਆਂ ਵਿੱਚ ਇਸ ਤੋਂ ਵੀ ਵੱਧ (2.7 ਫੀਸਦੀ) ਹੈ। ਇਸ ਵੇਲੇ ਘਰਾਂ ਵਿਚ ਮੌਤਾਂ ਦੀ ਦਰ ਵੀ 2 ਫੀਸਦੀ ਹੈ। ਸਭ ਤੋਂ ਚਿੰਤਾ ਦਾ ਕਾਰਨ ਇਹ ਹੈ ਕਿ ਕੁੱਲ ਮੌਤਾਂ ਵਿੱਚੋਂ 17 ਫੀਸਦੀ ਮਰੀਜ਼ ਸਹਿ ਬਿਮਾਰੀਆਂ ਤੋਂ ਵੀ ਪੀੜਤ ਨਹੀਂ ਸਨ।ਸੂਬੇ ਵਿਚ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਸੂਬੇ ਵਿਚ, ਖਾਸ ਕਰਕੇ ਪੇਂਡੂ ਇਲਾਕਿਆਂ ਵਿਚ ਗੰਭੀਰ ਮਰੀਜ਼ਾਂ ਦੀ ਤੇਜੀ ਨਾਲ ਸ਼ਨਾਖਤ ਕਰਨ ਲਈ ਘਰੇਲੂ ਇਕਾਂਤਵਾਸ ਦੀ ਨਿਗਰਾਨੀ ਨੂੰ ਤਰਜੀਹ ਦੇਣ ਦੀ ਲੋੜ ਉਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮੌਜੂਦਾ ਫੈਲਾਅ ਲਈ ਵਾਇਰਸ ਦਾ ਇਹ ਰੂਪ ਹੀ ਜ਼ਿੰਮੇਵਾਰ ਹੈ ਅਤੇ ਉਨ੍ਹਾਂ ਨੇ ਐਲ-3 ਬੈੱਡਾਂ ਦੀ ਸਮਰੱਥਾ ਵਧਾਉਣ ਦੀ ਅਹਿਮੀਅਤ ਉਤੇ ਜ਼ੋਰ ਦਿੱਤਾ।ਮੈਡੀਕਲ ਸਿੱਖਿਆ ਦੇ ਸਕੱਤਰ ਡੀ.ਕੇ. ਤਿਵਾੜੀ ਨੇ ਖੁਲਾਸਾ ਕੀਤਾ ਕਿ ਅਪਰੈਲ ਦੇ ਪਹਿਲੇ ਹਫਤੇ ਆਈ.ਸੀ.ਯੂ. ਬੈਡਾਂ ਦੀ ਸਮਰੱਥਾ 343 ਸੀ ਜੋ ਵੱਧ ਕੇ 770 ਹੋ ਗਈ ਹੈ ਅਤੇ ਹਫਤੇ ਦੇ ਅੰਤ ਤੱਕ 900 ਕਰ ਦਿੱਤੀ ਜਾਵੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਆਕਸੀਜਨ ਬੈੱਡਾਂ ਦੀ ਗਿਣਤੀ ਇਸ ਹਫਤੇ 1500 ਤੋਂ ਵਧਾ ਕੇ 1800 ਕਰ ਦਿੱਤੀ ਗਈ ਹੈ ਅਤੇ ਅੱਗੇ 2000 ਕੀਤੀ ਜਾਵੇਗੀ।ਮਨੁੱਖੀ ਸ਼ਕਤੀ ਵਧਾਉਣ ਲਈ ਐਮ.ਬੀ.ਬੀ.ਐਸ. ਦੇ ਅਖੀਰਲੇ ਸਾਲ ਦੇ 700 ਵਿਦਿਆਰਥੀ, ਬੀ.ਡੀ.ਐਸ. ਦੇ ਅਖੀਰਲੇ ਸਾਲ 90 ਵਿਦਿਆਰਥੀ ਅਤੇ 70 ਸੀਨੀਅਰ ਰੈਜੀਡੈਂਟ ਡਾਕਟਰਾਂ ਦੀ ਭਰਤੀ ਛੇਤੀ ਕੀਤੀ ਜਾਵੇਗੀ ਜਦੋਂ ਕਿ ਅਗਲੇ ਇਕ ਹਫਤੇ ਵਿਚ 86 ਨਰਸਾਂ ਵੀ ਨੌਕਰੀ ਜੁਆਇੰਨ ਕਰਨਗੀਆਂ ਅਤੇ ਇਸੇ ਤਰ੍ਹਾਂ 473 ਨਵੀਂ ਭਰਤੀ ਕੀਤੀ ਜਾਵੇਗੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button