Press ReleasePunjabTop News

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਆਜ਼ਾਦੀ ਦਿਹਾੜੇ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਇਆ ਤਿਰੰਗਾ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-ਕਤਰਾ ਵਹਾਅ ਦਿੱਤਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ, ਜਿਸ ਨਾਲ ਮੁਲਕ ਅਨਾਜ ਪੱਖੋਂ ਆਤਮ ਨਿਰਭਰ ਬਣਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਵੱਡੀ ਕੀਮਤ ਵੀ ਉਤਾਰਨੀ ਪਾਈ ਕਿਉਂਕਿ ਉਨ੍ਹਾਂ ਨੇ ਪਾਣੀ ਅਤੇ ਜਰਖੇਜ਼ ਜ਼ਮੀਨ ਵਰਗੇ ਬੇਸ਼ਕੀਮਤੀ ਸਰੋਤ ਵੀ ਦਾਅ ’ਤੇ ਲਾ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਵੱਡੇ ਯੋਗਦਾਨ ਸਦਕਾ ਅੱਜ ਭਾਰਤ ਦੂਜੇ ਮੁਲਕਾਂ ਨੂੰ ਅਨਾਜ ਬਰਾਮਦ ਕਰ ਰਿਹਾ ਹੈ ਜਦਕਿ 1960 ਦੇ ਦਹਾਕੇ ਦੌਰਾਨ ਅਸੀਂ ਅਨਾਜ ਲਈ ਹੋਰ ਮੁਲਕਾਂ ਦੇ ਰਹਿਮੋ-ਕਰਮ ’ਤੇ ਸਾਂ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਦੇ ਪੱਖੋਂ ਮੋਹਰੀ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪ੍ਰਦੂਸ਼ਣ ਨੂੰ ਰੋਕਣਾ ਗੰਭੀਰ ਚੁਣੌਤੀ ਹੈ, ਜਿਸ ਕਰਕੇ ਹਰੇਕ ਪੰਜਾਬੀ ਨੂੰ ਇਸ ਸਮੱਸਿਆ ਤੋਂ ਮੁਕਤੀ ਪਾਉਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਰਾਖੀ ਲਈ ਵਿਆਪਕ ਲਹਿਰ ਆਰੰਭਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇ ਸਕੀਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਛੇਤੀ ਹੀ ਹਰਿਆ-ਭਰਿਆ ਅਤੇ ਪ੍ਰਦੂਸ਼ਣ ਤੋਂ ਮੁਕਤ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਆਰੰਭੀ ਹੋਈ ਹੈ ਅਤੇ ਇਸ ਸਬੰਧ ਵਿੱਚ ਕਿਸੇ ਕਿਸਮ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 14381 ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਜਾ ਚੁੱਕਾ ਹੈ ਅਤੇ 10393 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 379 ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਹੋਰ ਕਾਰਵਾਈ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਸਜ਼ਾ ਦੀ ਦਰ 83 ਫੀਸਦੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਹਿਰੀ ਪਾਣੀ ਦੇ ਢਾਂਚੇ ਦੀ ਕਾਇਆ ਕਲਪ ਕਰਨ ਵੱਲ ਸਭ ਤੋਂ ਵੱਧ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ, ਉਦੋਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ 72 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੇਲਾਂ ’ਤੇ ਕਿਸਾਨਾਂ ਲਈ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜੋ ਦਹਾਕਿਆਂ ਤੋਂ ਨਹਿਰੀ ਪਾਣੀ ਨੂੰ ਤਰਸ ਰਹੇ ਸਨ ਅਤੇ ਸਾਡੇ ਇਸ ਉਪਰਾਲੇ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰੋਜੈਕਟ ‘ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਕਿ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਜ਼ਮੀਨ ਦੀ ਸਿੰਜਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਹੋਰ ਨਵੀਂ ਕੰਢੀ ਨਹਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 11 ਹਜ਼ਾਰ ਏਕੜ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲੇ ਡੈਮ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਇਹ ਡੈਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਜਿਸ ਲਈ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਲਾਮਿਸਾਲ ਤਰੱਕੀ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਰਫ਼ਤਾਰ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ 43 ਅਜਿਹੀਆਂ ਨਾਗਰਿਕ ਸੇਵਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਸ ਵਿੱਚੋਂ 99 ਫੀਸਦੀ ਸੇਵਾਵਾਂ ਲੋਕਾਂ ਦੇ ਪ੍ਰਸ਼ਾਸਕੀ ਕਾਰਜਾਂ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਨਾਮ ’ਤੇ ਰੱਖਿਆ ਅਤੇ ਇਸ ਤੋਂ ਇਲਾਵਾ ਏਅਰਪੋਰਟ ਨੂੰ ਜਾਂਦੀ ਸੜਕ ’ਤੇ ਸ਼ਹੀਦ ਸ. ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਏਅਰਪੋਰਟ ਕਰਨ ਲਈ ਭਾਰਤ ਸਰਕਾਰ ਨੂੰ ਮਤਾ ਭੇਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ 95 ਫੀਸਦੀ ਮਰੀਜ਼ ਬਿਮਾਰੀ ਤੋਂ ਮੁਕਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਹਰੇਕ ਤੀਜੇ ਵਿਅਕਤੀ ਨੇ ਇਨ੍ਹਾਂ ਕਲੀਨਿਕਾਂ ਦਾ ਲਾਭ ਉਠਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਣ ਲਈ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 118 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ, ਜਿਥੇ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਮਿਲਣ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਥਰਮਲ ਪਲਾਂਟਾਂ ਲਈ ਕੀਤੀ ਜਾ ਸਕਦੀ ਹੈ, ਜਿਸ ਕਰਕੇ ਇਹ ਪਲਾਂਟ ਖ਼ਰੀਦਣ ਨਾਲ ਇਥੇ ਵੀ ਇਹ ਕੋਲਾ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਦੀ ਕਮੀ ਕੋਈ ਸਮੱਸਿਆ ਨਹੀਂ ਪੇਸ਼ ਆਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਰ ਵੀ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਬਿਜਲੀ ਦੇ ਨਾਲ-ਨਾਲ ਖੇਤਾਂ ਨੂੰ ਵੀ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ। ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1300 ਕੀਮਤੀ ਜਾਨਾਂ ਬਚਾਅ ਚੁੱਕੀ ਹੈ। ਇਸ ਤੋਂ ਇਲਾਵਾ ਹਾਦਸਿਆਂ ਵਿੱਚ ਫੱਟੜ ਹੋਣ ਵਾਲਿਆਂ ਦੇ 90 ਲੱਖ ਰੁਪਏ ਦੀ ਕੀਮਤ ਦੇ ਰੂਪ ਵਿੱਚ ਨਕਦੀ ਅਤੇ ਵਸਤਾਂ ਨੂੰ ਸੁਰੱਖਿਅਤ ਵਾਪਸ ਕੀਤਾ ਗਿਆ ਹੈ। ਇਹ ਫੋਰਸ ਸ਼ਾਹਰਾਹਾਂ ਦੇ 4200 ਕਿਲੋਮੀਟਰ ਉਤੇ ਤਾਇਨਾਤ ਕੀਤੀ ਗਈ ਹੈ। ਆਪਣੇ ਨਿਸ਼ਚਿਤ ਕੀਤੇ ਇਲਾਕੇ ਦੀ ਗਸ਼ਤ ਕਰਨ ਦੇ ਨਾਲ-ਨਾਲ ਇਹ ਫੋਰਸ ਆਵਾਜਾਈ ਨਿਯਮਾਂ ਦੀ ਉਲੰਘਣਾ ਹੋਣ ਤੋਂ ਰੋਕਣ ਦਾ ਵੀ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਤੋਂ ਖੇਡ ਨੀਤੀ ਦੀ ਵਿਲੱਖਣਤਾ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44667 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ. ਦੀ ਅਗਵਾਈ ਵਿੱਚ ਸੀ.ਆਰ.ਪੀ.ਐਫ., ਪੰਜਾਬ ਪੁਲਿਸ (ਮਹਿਲਾ ਤੇ ਪੁਰਸ਼), ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਪੀ.ਏ.ਪੀ. ਦੇ ਪਾਈਪ ਐਂਡ ਬਰਾਸ ਬੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਬੀ.ਐਸ.ਐਫ. ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ, ਊਰਜਾ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ, ਆਮ ਆਦਮੀ ਕਲੀਨਿਕ, ਸਰਕਾਰ ਤੁਹਾਡੇ ਦੁਆਰ, ਰੰਗਲਾ ਪੰਜਾਬ ਅਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਝਾਕੀਆਂ ਨੇ ਸਮਾਗਮ ਦੀ ਸ਼ੋਭਾ ਵਧਾਈ। ਇਸ ਤੋਂ ਪਹਿਲਾਂ ਸੀ.ਐਮ. ਦੀ ਯੋਗਸ਼ਾਲਾ, ਟੈਂਟ ਪੈਗਿੰਗ, ਸਕੂਲ ਵਿਦਿਆਰਥੀਆਂ ਦੇ ਰੰਗਾਂਰੰਗ ਪ੍ਰੋਗਰਾਮ ਨੇ ਸਮਾਂ ਬੰਨ੍ਹਿਆ ਅਤੇ ਵਿਦਿਆਰਥੀਆਂ ਨੇ ਗੱਤਕਾ, ਗਿੱਧਾ, ਭੰਗੜਾ ਤੇ ਹੋਰ ਰਿਵਾਇਤੀ ਲੋਕ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਨੇ ਦੋ ਆਜ਼ਾਦੀ ਘੁਲਾਟੀਆਂ ਪ੍ਰੇਮ ਸਾਗਰ ਅਤੇ ਦੇਵ ਵਰਤ ਸ਼ਰਮਾ ਤੋਂ ਇਲਾਵਾ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੀ ਵੰਡੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button