PunjabTop News

ਰਾਜੋਆਣਾ ਨੂੰ ਸੰਵਿਧਾਨ ਤੇ ਅਦਾਲਤਾਂ ’ਚ ਵਿਸ਼ਵਾਸ ਨਹੀਂ , ਸੁਪਰੀਮ ਕੋਰਟ ਨੇ ਫ਼ੈਸਲਾ ਰਾਖਵਾਂ ਰੱਖਿਆ, ਧਿਰਾਂ ਨੂੰ ਤਿੰਨ ਹਫ਼ਤਿਆਂ ’ਚ ਲਿਖਤੀ ਦਲੀਲਾਂ ਦਾਖ਼ਲ ਕਰਨ ਦੇ ਨਿਰਦੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ਦਾ ਕੇਂਦਰ ਸਰਕਾਰ ਨੇ ਵਿਰੋਧ ਕੀਤਾ ਹੈ। ਕੇਂਦਰ ਨੇ ਕਿਹਾ ਕਿ ਰਾਜੋਆਣਾ ਨੂੰ ਨਾ ਤਾਂ ਸੰਵਿਧਾਨ ’ਚ ਵਿਸ਼ਵਾਸ ਹੈ ਅਤੇ ਨਾ ਹੀ ਅਦਾਲਤਾਂ ’ਚ। ਰਾਜੋਆਣਾ ਲਗਪਗ 30 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਵਜੋਂ ਗੁਜ਼ਾਰ ਚੁੱਕਾ ਹੈ। ਉਸ ਨੇ ਆਪਣੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਕਰਨ ’ਚ ਹੋ ਰਹੀ ਦੇਰੀ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਹੈ। ਪਟੀਸ਼ਨ ’ਤੇ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਸਬੰਧਤ ਧਿਰਾਂ ਨੂੰ ਤਿੰਨ ਹਫ਼ਤਿਆਂ ਅੰਦਰ ਲਿਖਤੀ ਦਲੀਲਾਂ ਦਾਖ਼ਲ ਕਰਨ ਲਈ ਕਿਹਾ।ਸੁਣਵਾਈ ਦੌਰਾਨ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ (ਏਐੱਸਜੀ) ਕੇਐੱਮ ਨਟਰਾਜ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜੋਆਣਾ ਨੇ ਖ਼ੁਦ ਕਿਹਾ ਹੈ ਕਿ ਉਸ ਨੂੰ ਸੰਵਿਧਾਨ ’ਚ ਵਿਸ਼ਵਾਸ ਨਹੀਂ ਤੇ ਨਾ ਹੀ ਅਦਾਲਤਾਂ ’ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਹ ਬਿਆਨ ਮੁਕੱਦਮੇ ਦੀ ਸੁਣਵਾਈ ਕਰਨ ਵਾਲੀ ਅਦਾਲਤ ਦੇ ਫ਼ੈਸਲੇ ’ਚ ਦਰਜ ਹਨ। ਉਨ੍ਹਾਂ ਦਲੀਲ ਦਿੱਤੀ ਕਿ ਰਾਜੋਆਣਾ ਨੇ ਹਾਈ ਕੋਰਟ ’ਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਵਿਰੁੱਧ ਕਦੇ ਅਪੀਲ ਦਾਖ਼ਲ ਨਹੀਂ ਕੀਤੀ ਤੇ ਨਾ ਹੀ ਉਸ ਨੇ ਖ਼ੁਦ ਕੋਈ ਰਹਿਮ ਦੀ ਅਪੀਲ ਜਾਂ ਮੌਤ ਦੀ ਸਜ਼ਾ ਵਿਰੁੱਧ ਹਵਾਲਾ ਪਟੀਸ਼ਨ ਦਾਖ਼ਲ ਕੀਤੀ ਹੈ।ਏਐੱਸਜੀ ਨੇ ਰਾਜਪਾਲਾਂ ਤੇ ਰਾਸ਼ਟਰਪਤੀ ਦੀਆਂ ਸੂਬਾਈ ਬਿੱਲਾਂ ਸਬੰਧੀ ਸ਼ਕਤੀਆਂ ਬਾਰੇ 2025 ਦੇ ਸੰਵਿਧਾਨਕ ਬੈਂਚ ਦੀ ਰਾਏ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 142 ਤਹਿਤ ਰਾਹਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਸ ਧਾਰਾ ਦੀ ਵਰਤੋਂ ਧਾਰਾ 72 ਤੇ 161 ਤਹਿਤ ਮਾਫ਼ੀ ਜਾਂ ਸਜ਼ਾ ਘਟਾਉਣ ਦੀਆਂ ਸੰਵਿਧਾਨਕ ਸ਼ਕਤੀਆਂ ਦੇ ਬਦਲ ਵਜੋਂ ਨਹੀਂ ਕੀਤੀ ਜਾ ਸਕਦੀ।
ਦੂਜੇ ਪਾਸੇ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਪੰਜਾਬ ਦੇ ਉਸ ਸਮੇਂ ਦੇ ਹਾਲਾਤ ਕਾਰਨ ਕਿਸੇ ਸਮੇਂ ‘ਗੁਮਰਾਹ’ ਹੋਏ ਇਸ ਵਿਅਕਤੀ ਨੇ ਲਗਪਗ 30 ਸਾਲ ਜੇਲ੍ਹ ’ਚ ਬਿਤਾ ਦਿੱਤੇ ਹਨ। ਉਸ ਨੂੰ ਮੌਤ ਦੀ ਸਜ਼ਾ ਦੀ ਤਲਵਾਰ ਹੇਠ ਹੋਰ ਲੰਬੇ ਸਮੇਂ ਤੱਕ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਜਾਵੇ ਅਤੇ ਉਸ ਨੂੰ ਸਜ਼ਾ ’ਚ ਛੋਟ ਦਾ ਲਾਭ ਵੀ ਦਿੱਤਾ ਜਾਵੇ। ਰੋਹਤਗੀ ਨੇ ਮੰਨਿਆ ਕਿ ਰਾਜੋਆਣਾ ਨੇ ਨਾ ਤਾਂ ਖ਼ੁਦ ਕੋਈ ਰਹਿਮ ਦੀ ਅਪੀਲ ਦਾਖ਼ਲ ਕੀਤੀ ਹੈ ਤੇ ਨਾ ਹੀ ਹਾਈ ਕੋਰਟ ’ਚ ਮੌਤ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੋਰ ਸਹਿ-ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਮੌਤ ਦੀ ਸਜ਼ਾ ਵੀ ਹਾਈ ਕੋਰਟ ਨੇ ਉਮਰ ਕੈਦ ’ਚ ਬਦਲ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਮਾਰਚ 2012 ’ਚ ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button