NewsPress ReleasePunjabTop News

ਲੰਪੀ ਸਕਿਨ: ਹੁਣ ਤੱਕ 1.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਇੰਟਰਨਸ਼ਿਪ ਵਾਲੇ ਵਿਦਿਆਰਥੀ ਵੀ ਲਾਏ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਹੁਣ ਤੱਕ 1.84 ਲੱਖ ਤੋਂ ਵੱੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਗੋਟ ਪੌਕਸ ਵੈਕਸੀਨ ਦੀ 83,000 ਡੋਜ਼ ਦੀ ਤੀਜੀ ਖੇਪ ਵਿਭਾਗ ਕੋਲ ਪਹੁੰਚ ਚੁੱਕੀ ਹੈ, ਜੋ ਅੱਗੇ ਜ਼ਿਲ੍ਹਿਆਂ ਵਿੱਚ ਵੰਡ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ। ਵਿਭਾਗ ਦੇ ਅਮਲੇ ਵੱਲੋਂ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਪਹਿਲਾਂ ਮਿਲੀਆਂ ਦਵਾਈ ਦੀਆਂ ਕਰੀਬ 2.34 ਲੱਖ ਖੁਰਾਕਾਂ ਵਿੱਚੋਂ ਹੁਣ ਤੱਕ 1.84 ਲੱਖ ਤੋਂ ਵੱਧ ਡੋਜ਼ ਪਸ਼ੂਆਂ ਨੂੰ ਲਾਈਆਂ ਜਾ ਚੁੱਕੀਆਂ ਹਨ।
ਇਸ ਤੋਂ ਇਲਾਵਾ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਤੋਂ 5 ਵੈਟਰਨਰੀ ਅਫ਼ਸਰਾਂ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਮੋਹਾਲੀ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਫ਼ਸਰਾਂ ਨੂੰ 31 ਅਗਸਤ ਤੱਕ ਜ਼ਿਲ੍ਹਿਆਂ ਵਿੱਚ ਤੈਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਪਸ਼ੂ ਪਾਲਣ ਵਿਭਾਗ ਨੂੰ ਸ਼ਿਫਟ ਕੀਤੀ ਜਾ ਰਹੀ ਹੈ, ਜੋ ਲੋੜੀਂਦੀ ਦਵਾਈ ਅਤੇ ਖੁਰਾਕਾਂ ਲਈ ਜ਼ਿਲ੍ਹਿਆਂ ਨੂੰ ਵੰਡੀ ਜਾਣੀ ਹੈ।
ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਇੰਟਰਨਸ਼ਿਪ ਅਤੇ ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਮੁਹਿੰਮ ਨੂੰ ਤੇਜ਼ ​​ਕਰਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਲਾਇਆ ਗਿਆ ਹੈ, ਜਿਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖ਼ਾਸ ਤੌਰ ‘ਤੇ ਸਟਾਫ਼ ਦੀ ਘਾਟ ਵਾਲੀਆਂ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਟੀਕਾਕਰਨ ਮੁਹਿੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button