Breaking NewsD5 specialNewsPunjabTop News
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੰਗਤ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਅੰਦਰ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ। ਇਸੇ ਤਰ੍ਹਾਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਵੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਭਾਈ ਜੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਆਦਿ ਹਾਜ਼ਰ ਸਨ।
ਐਡਵੋਕੇਟ ਧਾਮੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤ ਨੂੰ ਵਧਾਈ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.