Press ReleaseBreaking NewsD5 specialNewsPunjab

ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਕੀਤਾ ਸੰਬੋਧਨ

ਅੰਮ੍ਰਿਤਸਰ:ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਅਪਨਾਉਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ।
ਬੁਲਾਰਿਆਂ ਨੇ ਗੁਰੂ ਸਾਹਿਬ ਜੀ ਵੱਲੋਂ ਮਾਨਵਤਾ ਦੀ ਖ਼ਾਤਰ ਪਾਏ ਯੋਗਦਾਨ ਨੂੰ ਧਾਰਮਿਕ ਜਗਤ ਅੰਦਰ ਨਵੇਕਲੀਆਂ ਪੈੜਾਂ ਕਿਹਾ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੋਕਾ ਮਨੁੱਖ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਵੀ ਦਿੱਤੀ।ਇਸ ਦੌਰਾਨ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਸੰਗਤ ਨਾਲ ਕਥਾ-ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਜੋਰਾ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ ਅਤੇ ਬਾਬਾ ਬਿਧੀ ਚੰਦ ਜੀ ਗੁਰਮਤਿ ਸੰਗੀਤ ਵਿਦਿਆਲਾ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਸਮਾਗਮ ਸਮੇਂ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਨਿਰਮਲ ਸਿੰਘ ਨੂਰ, ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾਂ ਤੇ ਭਾਈ ਗੁਰਜੰਟ ਸਿੰਘ ਦੇ ਜਥਿਆਂ ਨੇ ਗੁਰੂ ਸਾਹਿਬ ਜੀ ਦਾ ਇਤਿਹਾਸ ਢਾਡੀ ਤੇ ਕਵੀਸ਼ਰੀ ਵਾਰਾਂ ਰਾਹੀਂ ਪੇਸ਼ ਕੀਤਾ।ਸ਼ਤਾਬਦੀ ਸਮਾਗਮ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਜਾਗਰ ਕਰਦਾ ਵਿਸ਼ੇਸ਼ ਸੋਵੀਨਰ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਗਟ ਭਏ ਗੁਰੁ ਤੇਗ ਬਹਾਦਰ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਜੀਵਨ ਯਾਤਰਾ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਖੂਨੀ ਸ਼ਹੀਦੀ ਸਾਕਾ ਪੁਸਤਕਾਂ ਵੀ ਸੰਗਤ ਅਰਪਤ ਕੀਤੀਆਂ ਗਈਆਂ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਮਾਗਮ ਦੌਰਾਨ ਨਾ ਪੁੱਜ ਸਕਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਲਾਈਵ ਪ੍ਰਸਾਰਣ ਦਾ ਪ੍ਰਬੰਧ ਕੀਤਾ ਗਿਆ ਸੀ।
ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਸਜਾਏ ਜਲੌ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਜੀ ਵਿਖੇ ਜਲੌ ਸਜਾਏ ਗਏ, ਜਿਸ ਵਿਚ ਤੋਸ਼ਾਖਾਨਾ ਦੀਆਂ ਇਤਿਹਾਸਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਜਾਈਆਂ ਗਈਆਂ। ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਨਿਰੰਤਰ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਮਹਾਂਪੁਰਖਾਂ ਵੱਲੋਂ ਸੰਗਤ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਖੂਬਸੂਰਤ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੀ। ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਤੋਂ ਇਲਾਵਾ ਸ਼ਹਿਰ ਅੰਦਰ ਸਵਾਗਤੀ ਗੇਟ ਵੀ ਬਣਾਏ ਗਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button