Uncategorized

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਵਿਅਕਤੀ ਨੂੰ ਲਾਭ ਦੇਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਜਾਗਰੂਕਤਾ ਕੈਂਪ : ਨਾਗਰਾ

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਦਿੱਤਾ ਜਾ ਰਿਹੈ ਲਾਭ
– ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਲਗਾਇਆ ਗਿਆ ਵਿਸ਼ੇਸ ਕੈਂਪ
– ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲਿਆ ਕੈਂਪ ਦਾ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 12 ਨਵੰਬਰ :
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸੂਬੇ ਦਾ ਕੋਈ ਵੀ ਯੋਗ ਲਾਭਪਾਤਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕੈਂਪਾਂ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਕੀਮਾਂ ਦਾ ਲਾਭ ਲੈਣ ਲਈ ਫਾਰਮ ਵੀ ਭਰਵਾਏ ਜਾਂਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਵੀ ਮੌਜੂਦ ਸਨ।
ਵਿਧਾਇਕ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਫੈਸਲੇ ਇਤਿਹਾਸਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜਾਨਾਂ ਲੋਕ ਹਿੱਤ ਵਿੱਚ ਅਹਿਮ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਸਮੇਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਨਿਆਂਇਕ ਖੇਤਰ ਦੀਆਂ ਸਕੀਮਾਂ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਉਥੇ ਹੀ ਬਿਜਲੀ ਸਮਝੌਤੇ ਰੱਦ ਕਰਨ ਨਾਲ ਲੋਕਾਂ ਨੂੰ ਅਰਥਿਕ ਪੱਖੋਂ ਵੱਡੀ ਰਾਹਤ ਪ੍ਰਦਾਨ ਕੀਤੀ ਜਾਵੇਗੀ ਜਿਸ ਦਾ ਬਹੁ ਗਿਣਤੀ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਇਨ੍ਹਾਂ ਵਿਸ਼ੇਸ਼ ਜਾਗਰੂਕਤਾ ਕੈਂਪਾਂ ਰਾਹੀਂ ਸਰਕਾਰ ਦੀਆਂ ਵੱਖ-ਵੱਖ ਪੈਨਸ਼ਨ ਸਕੀਮਾਂ, ਲੇਬਰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਬੱਚਿਆਂ ਦੀਆਂ ਸਕਾਲਰਸਿ਼ਪ ਸਕੀਮਾਂ, ਸਵੈ ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ ਸਮੇਤ ਅਨੇਕਾਂ ਸਕੀਮਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਵਧੇਗੀ ਅਤੇ ਇਨ੍ਹਾਂ ਕੈਂਪਾਂ ਰਾਹੀਂ ਹੇਠਲੇ ਪੱਧਰ ਤੱਕ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇਗਾ।
ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਅਤੇ ਪੀ.ਆਰ.ਡੀ.ਸੀ. ਦੇ ਡਾਇਰੈਕਟਰ ਸ਼੍ਰੀ ਸੁਭਾਸ਼ ਸੂਦ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ,ਕੌਂਸਲਰ ਸ਼੍ਰੀ ਜਗਜੀਤ ਕੋਕੀ, ਸ਼੍ਰੀ ਪਰਮਵੀਰ ਸਿੰਘ ਟਿਵਾਣਾ, ਲੇਬਰ ਇੰਸਪੈਕਟਰ ਸ਼੍ਰੀਮਤੀ ਪਵਨੀਤ ਕੌਰ, ਸ਼੍ਰੀ ਹਰਭਜਨ ਸਿੰਘ ਜੱਲੋਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button