PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਗਿਆ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਦਸੰਬਰ 1992 ਵਿੱਚ ਉਨ੍ਹਾਂ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਭਾਰੀ ਤਸ਼ੱਦਦ ਕੀਤਾ ਗਿਆ ਅਤੇ 1 ਜਨਵਰੀ 1993 ਨੂੰ ਉਹ ਸ਼ਹੀਦ ਹੋ ਗਏ। ਉਸ ਸਮੇਂ ਸਰਕਾਰ ਵੱਲੋਂ ਭਾਈ ਕਾਉਂਕੇ ਦੀ ਹਿਰਾਸਤ ਨੂੰ ਨਕਾਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਚਸ਼ਮਦੀਦ ਗਵਾਹੀਆਂ ਦੇ ਆਧਾਰ ‘ਤੇ ਸੱਚ ਸਾਹਮਣੇ ਆਇਆ। ਭਾਈ ਕਾਉਂਕੇ ਦੀ ਸ਼ਹਾਦਤ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਸਿੱਖ ਕੌਮ ਦੀਆਂ ਭਾਵਨਾਵਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਗਿਆ।

ਵਕਤਾਵਾਂ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਅਤੇ ਕਾਨੂੰਨ ਦੀ ਬਰਾਬਰੀ ਦੇ ਸਿਧਾਂਤ ਅਨੁਸਾਰ ਨਿਆਂ ਹੋਣਾ ਲਾਜ਼ਮੀ ਹੈ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਵੀ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਦੀ।

ਇਸ ਮੌਕੇ ਭਾਈ ਕਾਉਂਕੇ ਦੇ ਪੋਤਰੇ ਸ. ਅਵਜੋਤ ਸਿੰਘ ਦੀ ਹਾਜ਼ਰੀ ਨੇ ਸੰਗਤ ਦਾ ਵਿਸ਼ੇਸ਼ ਧਿਆਨ ਖਿੱਚਿਆ, ਜੋ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਵਕਤਾਵਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਵੱਲੋਂ ਵਿਰਾਸਤ ਨੂੰ ਅੱਗੇ ਵਧਾਉਣਾ ਸਿੱਖ ਕੌਮ ਲਈ ਹੌਂਸਲਾ ਬਖ਼ਸ਼ਣ ਵਾਲੀ ਗੱਲ ਹੈ।

ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਅਵਸਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਭਰ ਵਿੱਚ ਨਵਾਂ ਸਾਲ ਮਨਾਇਆ ਜਾ ਰਿਹਾ ਹੈ, ਉਸ ਵੇਲੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਯਾਦ ਕਰਦੀ ਹੈ, ਜੋ ਕੌਮ ਦਾ ਅਮੂਲ ਸਰਮਾਇਆ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button