
ਪੰਜਾਬ PCS Mains ਪ੍ਰੀਖਿਆ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਪ੍ਰੀਖਿਆ ਨੂੰ ਚੁਣੌਤੀ ਦਿੰਦਿਆਂ 26 ਉਮੀਦਵਾਰਾਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ 4 ਹੋਰ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਹਨ।
ਪਟੀਸ਼ਨਕਰਤਾਵਾਂ ਨੇ ਪ੍ਰੀਖਿਆ ਦੇ ਨਤੀਜਿਆਂ ਨੂੰ ਰੱਦ ਕਰਨ ਅਤੇ ਪੂਰੀ ਚੋਣ ਪ੍ਰਕਿਰਿਆ ਦੀ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪ੍ਰੀਖਿਆ ਨਾਲ ਸਬੰਧਤ ਪੂਰਾ ਰਿਕਾਰਡ ਵੀ ਹਾਈਕੋਰਟ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ਵਿੱਚ ਦਾਇਰ ਕੀਤੀ ਗਈ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ।
ਪਟੀਸ਼ਨਕਰਤਾਵਾਂ ਮੁਤਾਬਕ ਪਿਛਲੇ ਸਾਲ 3 ਜਨਵਰੀ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ 322 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਇਸ ਵਿੱਚ ਪ੍ਰੀਖਿਆ ਲਈ ਅਪਲਾਈ ਕਰਨ ਵਾਸਤੇ ਦਸਵੀਂ ਜਮਾਤ ਵਿੱਚ ਪੰਜਾਬੀ ਪਾਸ ਹੋਣਾ ਲਾਜ਼ਮੀ ਸੀ। ਪਰ ਕਥਿਤ ਤੌਰ ‘ਤੇ ਬਾਅਦ ਵਿੱਚ ਇਹ ਸ਼ਰਤ ਹਟਾ ਦਿੱਤੀ ਗਈ ਅਤੇ ਉਨ੍ਹਾਂ ਉਮੀਦਵਾਰਾਂ ਨੂੰ ਵੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਗਈ, ਜਿਨ੍ਹਾਂ ਨੇ ਦਸਵੀਂ ਵਿੱਚ ਪੰਜਾਬੀ ਪਾਸ ਨਹੀਂ ਕੀਤੀ ਸੀ।
ਪਟੀਸ਼ਨਕਰਤਾਵਾਂ ਦਾ ਇਹ ਵੀ ਦੋਸ਼ ਹੈ ਕਿ ਇੱਕ ਉਮੀਦਵਾਰ ਵੱਲੋਂ ਸਿਰਫ਼ ਇੱਕ ਕੈਟਾਗਰੀ ਵਿੱਚ ਅਪਲਾਈ ਕਰਨ ਦੀ ਸ਼ਰਤ ਵੀ ਹਟਾ ਦਿੱਤੀ ਗਈ, ਜਿਸ ਕਾਰਨ ਕਈ ਉਮੀਦਵਾਰਾਂ ਨੇ ਵੱਖ-ਵੱਖ ਕੈਟਾਗਰੀਆਂ ਵਿੱਚ ਅਰਜ਼ੀਆਂ ਭਰ ਦਿੱਤੀਆਂ।
ਇਸ ਤੋਂ ਇਲਾਵਾ ਪਟੀਸ਼ਨ ਵਿੱਚ ਇਹ ਦੋਸ਼ ਲਗਾਇਆ ਗਿਆ ਹੈ ਕਿ ਨਿਰਧਾਰਤ ਉਮਰ ਸੀਮਾ ਦੀ ਪਾਲਣਾ ਨਹੀਂ ਕੀਤੀ ਗਈ। ਘੱਟੋ-ਘੱਟ ਉਮਰ ਤੋਂ ਘੱਟ ਅਤੇ ਵੱਧ ਤੋਂ ਵੱਧ ਉਮਰ ਸੀਮਾ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਵੀ ਕਥਿਤ ਤੌਰ ‘ਤੇ ਬਿਨਾਂ ਕਿਸੇ ਛੋਟ ਦੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਗਈ।
ਪਟੀਸ਼ਨਕਰਤਾਵਾਂ ਨੇ ਕੁਝ ਪ੍ਰੀਖਿਆ ਕੇਂਦਰਾਂ ‘ਤੇ ਕਥਿਤ ਗੜਬੜੀ ਦੇ ਸੰਕੇਤ ਵੀ ਦਿੱਤੇ ਹਨ। ਉਨ੍ਹਾਂ ਮੁਤਾਬਕ ਲਗਾਤਾਰ ਸੀਰੀਅਲ ਨੰਬਰਾਂ ਵਾਲੇ ਰੋਲ ਨੰਬਰਾਂ ਦੇ ਕਈ ਸਮੂਹਾਂ ਵਿੱਚੋਂ ਉਮੀਦਵਾਰਾਂ ਨੂੰ ਇਕੱਠੇ ਸ਼ਾਰਟਲਿਸਟ ਕੀਤਾ ਗਿਆ।
4 ਨਵੰਬਰ ਨੂੰ ਜਾਰੀ ਕੀਤੇ ਗਏ ਨਤੀਜਿਆਂ ਵਿੱਚ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦੇ ਨਾਂ, ਉਨ੍ਹਾਂ ਦੀ ਕੈਟਾਗਰੀ, ਪ੍ਰਾਪਤ ਅੰਕ ਅਤੇ ਕੈਟਾਗਰੀ ਅਨੁਸਾਰ ਕੱਟ-ਆਫ਼ ਅੰਕ ਜਨਤਕ ਨਾ ਕਰਨ ‘ਤੇ ਵੀ ਸਵਾਲ ਚੁੱਕੇ ਗਏ ਹਨ।
ਇਨ੍ਹਾਂ ਸਾਰੇ ਦੋਸ਼ਾਂ ਦੇ ਆਧਾਰ ‘ਤੇ ਹੁਣ PCS Mains ਪ੍ਰੀਖਿਆ ਦੀ ਚੋਣ ਪ੍ਰਕਿਰਿਆ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਨ੍ਹਾਂ ਪਟੀਸ਼ਨਾਂ ‘ਤੇ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਰੁਖ਼ ‘ਤੇ ਰਹਿਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




