
ਅਕਾਲੀ ਦਲ ਵਾਰਿਸ ਪੰਜਾਬ ਦੇ (ਏ.ਡੀ.ਡਬਲਯੂ.ਪੀ.ਡੀ) ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਫ਼ੈਸਲੇ ਨੂੰ ਇਕਪਾਸੜ ਅਤੇ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਕਮੇਟੀ ਨੇ ਪਾਰਟੀ ਦੇ ਕੰਮਕਾਜ ਵਿੱਚ ਕਥਿਤ ਸਰਕਾਰੀ ਦਖ਼ਲਅੰਦਾਜ਼ੀ, ਅੰਦਰੂਨੀ ਲੋਕਤੰਤਰ ਦੀ ਘਾਟ ਅਤੇ ਪੰਥਕ ਏਜੰਡੇ ਤੋਂ ਭਟਕਣ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ ਹੈ।
ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦੇ ਬੁਲਾਰੇ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਦੀ ਸਥਾਪਨਾ ਪੰਥਕ ਹੋਂਦ, ਮੀਰੀ-ਪੀਰੀ ਦੇ ਸਿਧਾਂਤ, ਸਿਆਸੀ ਖੁਦਮੁਖਤਿਆਰੀ ਅਤੇ ਸਿੱਖ ਸਵੈਮਾਣ ਦੇ ਆਧਾਰ ‘ਤੇ ਹੋਈ ਸੀ, ਪਰ ਮੌਜੂਦਾ ਹਾਲਾਤ ਪਾਰਟੀ ਦੀ ਵਿਚਾਰਧਾਰਾ ਅਤੇ ਸਿਧਾਂਤਾਂ ਪ੍ਰਤੀ ਵਚਨਬੱਧਤਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਹੁਗਿਣਤੀ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਪਾਰਟੀ ਦੇ ਕੰਮਕਾਜ ਵਿੱਚ ਕਥਿਤ ਸਰਕਾਰੀ ਦਖ਼ਲਅੰਦਾਜ਼ੀ, ਅਹੁਦਿਆਂ ਦੀ ਵੰਡ ਅਤੇ ਟਿਕਟਾਂ ਸਬੰਧੀ ਮਾਮਲੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੇ ਧਿਆਨ ਵਿੱਚ ਵਾਰ-ਵਾਰ ਲਿਆਂਦੇ ਗਏ ਸਨ। ਇਸ ਸਬੰਧੀ 20 ਅਕਤੂਬਰ ਨੂੰ ਤੱਥਾਂ ਅਤੇ ਸਬੂਤਾਂ ਸਮੇਤ ਛੇ ਸਫ਼ਿਆਂ ਦਾ ਪੱਤਰ ਸੌਂਪ ਕੇ ਨਿਰਪੱਖ ਜਾਂਚ ਅਤੇ ਪਾਰਟੀ ਨੂੰ ਬਾਹਰੀ ਪ੍ਰਭਾਵ ਤੋਂ ਮੁਕਤ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਬਾਅਦ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਨੇ ਬਾਪੂ ਤਰਸੇਮ ਸਿੰਘ, ਪੰਜ ਪ੍ਰਧਾਨੀ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਲਗਭਗ ਪੰਜ ਘੰਟੇ ਮੀਟਿੰਗ ਕਰਕੇ ਤੱਥਾਂ ਅਤੇ ਸਬੂਤਾਂ ਸਮੇਤ ਆਪਣਾ ਪੱਖ ਰੱਖਿਆ। ਭੰਡਾਲ ਅਨੁਸਾਰ, ਬਾਪੂ ਤਰਸੇਮ ਸਿੰਘ ਨੇ ਮਾਮਲੇ ਦੀ ਜਾਂਚ ਲਈ ਤਿੰਨ ਦਿਨ ਦਾ ਸਮਾਂ ਮੰਗਿਆ ਸੀ, ਪਰ 24 ਘੰਟਿਆਂ ਦੇ ਅੰਦਰ ਹੀ ਸੂਬੇ ਦੇ 23 ਜ਼ਿਲ੍ਹਿਆਂ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਅਤੇ ਕਮੇਟੀ ਦੇ ਪੰਜ ਮੈਂਬਰਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਗਈ।
ਕਮੇਟੀ ਨੇ ਇਸ ਫ਼ੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਹੁਦੇਦਾਰ ਨੂੰ ਇਕੱਲਿਆਂ ਅਜਿਹਾ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਸੀ। ਇਸ ਦੇ ਨਾਲ ਹੀ ਸ. ਤਜਿੰਦਰ ਸਿੰਘ ਢਿੱਲੋਂ ਵੱਲੋਂ ਦਿੱਤਾ ਗਿਆ ਅਸਤੀਫ਼ਾ ਵੀ ਉਨ੍ਹਾਂ ਦੇ ਇਤਰਾਜ਼ਾਂ ਅਤੇ ਵਿਚਾਰਾਂ ‘ਤੇ ਗੌਰ ਕਰਨ ਤੋਂ ਬਾਅਦ ਨਾਮਨਜ਼ੂਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਪਣੀ ਪਹਿਲਾਂ ਸੌਂਪੀ ਗਈ ਜ਼ਿੰਮੇਵਾਰੀ ਨਿਭਾਉਂਦੇ ਰਹਿਣ ਲਈ ਕਿਹਾ ਗਿਆ।
ਭਡਾਲ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਕਿਸੇ ਵਿਅਕਤੀ ਜਾਂ ਪਰਿਵਾਰ ਦੀ ਜਾਇਦਾਦ ਨਹੀਂ, ਸਗੋਂ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਅਮਾਨਤ ਹੈ। ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸੰਸਦ ਮੈਂਬਰ ਬਣਾਉਣ ਵਿੱਚ ਜ਼ਿਲ੍ਹਾ ਪ੍ਰਧਾਨਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਕਮੇਟੀ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਨੂੰ ਪਾਰਟੀ ਦੇ ਬੁਨਿਆਦੀ ਸਿਧਾਂਤਾਂ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਕਮੇਟੀ ਨੇ ਸਪੱਸ਼ਟ ਕੀਤਾ ਕਿ ਉਸ ਦਾ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਪੰਥਕ ਸਿਧਾਂਤਾਂ, ਜਥੇਬੰਦਕ ਪਾਰਦਰਸ਼ਤਾ, ਅੰਦਰੂਨੀ ਲੋਕਤੰਤਰ ਅਤੇ ਪਾਰਟੀ ਦੀ ਆਜ਼ਾਦ ਹੋਂਦ ਨੂੰ ਬਰਕਰਾਰ ਰੱਖਣ ਲਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




