
ਬੰਬੇ ਹਾਈ ਕੋਰਟ ਅਮਰੀਕੀ ਨਾਗਰਿਕਤਾ ਵਾਲੇ ਬੌਲੀਵੁੱਡ ਅਦਾਕਾਰ ਇਮਰਾਨ ਖ਼ਾਨ ਵੱਲੋਂ ਦਾਇਰ ਉਸ ਪਟੀਸ਼ਨ ’ਤੇ 26 ਅਕਤੂਬਰ ਨੂੰ ਸੁਣਵਾਈ ਕਰੇਗਾ, ਜਿਸ ਵਿੱਚ ਉਨ੍ਹਾਂ ਨੇ ਇੱਕ ਸਿਆਸੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੁਲੀਸ ਵੱਲੋਂ 28 ਅਕਤੂਬਰ ਤੱਕ ‘ਭਾਰਤ ਛੱਡਣ’ ਦੇ ਦਿੱਤੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ।
ਖ਼ਾਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵੇਂਕਟੇਸ਼ ਧੋਂਡ ਨੇ ਮੁੱਖ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਅਤੇ ਜਸਟਿਸ ਅਦਵੈਤ ਸੇਠਨਾ ਦੇ ਬੈਂਚ ਅੱਗੇ ਮਾਮਲੇ ਦਾ ਜ਼ਿਕਰ ਕਰਦਿਆਂ ਤੁਰੰਤ ਸੁਣਵਾਈ ਦੀ ਮੰਗ ਕੀਤੀ। ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸੋਲਿਸਟਰ ਜਨਰਲ ਅਨਿਲ ਸਿੰਘ ਨੇ ਅਦਾਲਤ ਤੋਂ ਸਮਾਂ ਮੰਗਿਆ ਕਿਉਂਕਿ ਉਨ੍ਹਾਂ ਨੂੰ ਪਟੀਸ਼ਨ ਦੀ ਕਾਪੀ ਅੱਜ ਸਵੇਰੇ ਹੀ ਮਿਲੀ ਸੀ।ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਅਕਤੂਬਰ ਲਈ ਤੈਅ ਕੀਤੀ ਹੈ। ਵਕੀਲ ਧੋਂਡ ਨੇ ਪਹਿਲੀ ਤਾਰੀਖ਼ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਨੋਟਿਸ ਅਨੁਸਾਰ ਅਦਾਕਾਰ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਇਸ ’ਤੇ ਅਦਾਲਤ ਨੇ ਪੁੱਛਿਆ ਕਿ ਕੀ ਪਟੀਸ਼ਨਰ ਵਿਰੁੱਧ ਕੋਈ ਹੋਰ ਅਪਰਾਧਿਕ ਮਾਮਲਾ ਪੈਂਡਿੰਗ ਹੈ, ਜਿਸ ਦਾ ਜਵਾਬ ਵਕੀਲ ਨੇ ‘ਨਾਂਹ’ ਵਿੱਚ ਦਿੱਤਾ।
ਵਕੀਲ ਨੇ ਅਦਾਲਤ ਨੂੰ ਦੱਸਿਆ, “ਇਮਰਾਨ ਖ਼ਾਨ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਵਿਰੁੱਧ ਕੋਈ ਕੇਸ ਦਰਜ ਜਾਂ ਪੈਂਡਿੰਗ ਹੈ। ਉਹ ਦੋ ਸਾਲ ਦੀ ਉਮਰ ਤੋਂ ਭਾਰਤ ਵਿੱਚ ਰਹਿ ਰਹੇ ਹਨ। ਉਨ੍ਹਾਂ ਨੇ ਕਿਸੇ ਧਰਨੇ ’ਚ ਵੀ ਹਿੱਸਾ ਨਹੀਂ ਲਿਆ ਸੀ। ਉਹ ਅਜੇ ਅੱਧੇ ਰਸਤੇ ਹੀ ਪਹੁੰਚੇ ਸਨ ਜਦੋਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਅਤੇ ਬਾਅਦ ’ਚ ਛੱਡ ਦਿੱਤਾ।” ਅਦਾਲਤ ਨੇ 26 ਅਕਤੂਬਰ ਦੀ ਤਾਰੀਖ਼ ਨੂੰ ਸਹੀ ਠਹਿਰਾਉਂਦਿਆਂ ਖ਼ਾਨ ਨੂੰ ਮਹਾਰਾਸ਼ਟਰ ਸਰਕਾਰ ਨੂੰ ਵੀ ਇਸ ਪਟੀਸ਼ਨ ਵਿੱਚ ਧਿਰ ਬਣਾਉਣ ਦੇ ਨਿਰਦੇਸ਼ ਦਿੱਤੇ।43 ਸਾਲਾ ਅਦਾਕਾਰ, ਜਿਨ੍ਹਾਂ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਕੁਝ ਸਮੇਂ ਲਈ ਹਿਰਾਸਤ ਵਿੱਚ ਲਿਆ ਗਿਆ ਸੀ, ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਿਸੇ ਇਕੱਠ ਵਿੱਚ ਹਿੱਸਾ ਨਹੀਂ ਲਿਆ ਅਤੇ ਨਾ ਹੀ ਉਨ੍ਹਾਂ ਦਾ ਪ੍ਰਦਰਸ਼ਨ ਦੇ ਪ੍ਰਬੰਧਕਾਂ ਨਾਲ ਕੋਈ ਲੈਣਾ-ਦੇਣਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




