PunjabTop News

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਅਤੇ ਸਬੰਧਿਤ ਅਦਾਲਤ ’ਚ ਪੇਸ਼ ਕੀਤਾ। ਵਿਜੀਲੈਂਸ ਨੇ ਮਾਮਲੇ ਦੀ ਜਾਂਚ ਲਈ ਮੁਲਜ਼ਮ ਦਾ 7 ਦਿਨਾਂ ਦਾ ਪੁਲਸ ਰਿਮਾਂਡ ਮੰਗਿਆ, ਜਦਕਿ ਬਚਾਅ ਧਿਰ ਵੱਲੋਂ ਪੇਸ਼ ਹੋਏ ਐਡਵੋਕੇਟ ਐੱਚ. ਐੱਸ. ਧਨੋਆ ਨੇ ਇਸ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਰਾਜਜੀਤ ਸਿੰਘ ਨੂੰ 4 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਰਾਜਜੀਤ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ  ਵੱਲੋਂ ਵੀ ਦੋ ਵੱਖ-ਵੱਖ ਮਾਮਲਿਆਂ ’ਚ ਉਸ ਦੀ ਗ੍ਰਿਫ਼ਤਾਰੀ ਦਰਜ ਕੀਤੀ ਜਾ ਚੁੱਕੀ ਹੈ। ਉਹ ਇਸ ਸਮੇਂ ਜੇਲ੍ਹ ’ਚ ਬੰਦ ਸੀ। ਰਾਜਜੀਤ ਸਿੰਘ ਉਸ ਸਮੇਂ ਸੁਰਖੀਆਂ ’ਚ ਆਇਆ ਸੀ, ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਨਤਕ ਕੀਤੀਆਂ ਗਈਆਂ 3 ਸੀਲਬੰਦ ਰਿਪੋਰਟਾਂ ਦੇ ਆਧਾਰ ’ਤੇ ਬਰਖ਼ਾਸਤ ਸਿਪਾਹੀ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਦੌਰਾਨ ਉਸ ਦੀ ਭੂਮਿਕਾ ਦਾ ਜ਼ਿਕਰ ਸਾਹਮਣੇ ਆਇਆ ਸੀ।
ਸੂਬੇ ’ਚ ਨਸ਼ਾ ਸਮੱਗਲਿੰਗ ਦੇ ਕਾਰੋਬਾਰ ’ਚ ਪੁਲਸ ਅਧਿਕਾਰੀਆਂ ਦੀ ਕਥਿਤ ਭੂਮਿਕਾ ਨਾਲ ਸਬੰਧਿਤ ਮਾਮਲੇ ’ਚ ਹਾਈਕੋਰਟ ਨੇ ਇਹ ਰਿਪੋਰਟਾਂ ਖੁੱਲ੍ਹਵਾਈਆਂ ਸਨ। ਰਿਪੋਰਟਾਂ ’ਚ ਰਾਜਜੀਤ ਸਿੰਘ ’ਤੇ ਜ਼ਬਰੀ ਵਸੂਲੀ ਤੇ ਪੰਜਾਬ ਪੁਲਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀ-ਭੁਗਤ ਦੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਸੀ। ਵਿਸ਼ੇਸ਼ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਜਾਂਚ ਦੌਰਾਨ ਸ਼ਾਮਲ ਕੀਤੇ ਗਏ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ’ਤੇ ਰਿਪੋਰਟਾਂ ’ਚ ਰਾਜਜੀਤ ਸਿੰਘ ਦਾ ਨਾਂ ਦਰਜ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button