
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਨੂੰ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਤੋਂ ਬਾਅਦ ਮੁਲਜ਼ਮ ਨੂੰ ਅੱਠ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰੇਗੀ ਅਤੇ ਉਸ ਦੇ ਨੈੱਟਵਰਕ ਨੂੰ ਲੈ ਕੇ ਅਗਲਾ ਕਦਮ ਚੁੱਕੇਗੀ।
ਪੁਲਿਸ ਅਨੁਸਾਰ, ਜੋਬਨਜੀਤ ਬਿੱਲਾ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ‘ਆਪ੍ਰੇਸ਼ਨ ਨੋਮੈਡ ਹੰਟ’ ਤਹਿਤ ਭਾਰਤ ਲਿਆਂਦਾ ਹੈ। ਮੁਲਜ਼ਮ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ ਅਤੇ ਉਸ ਦੇ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਸੀ। ਉਸ ਦੀ ਗ੍ਰਿਫ਼ਤਾਰੀ ਲਈ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ।
ਜਾਣਕਾਰੀ ਮੁਤਾਬਕ, 20 ਜੁਲਾਈ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਇੰਟਰਨੈਸ਼ਨਲ ਏਅਰਪੋਰਟ ‘ਤੇ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅਨੁਸਾਰ, ਜੋਬਨਜੀਤ ਬਿੱਲਾ ਖਿਲਾਫ਼ ਚਾਰ ਕਤਲ ਦੇ ਮਾਮਲਿਆਂ ਸਮੇਤ ਕਤਲ ਦੀ ਕੋਸ਼ਿਸ਼, ਰੰਗਦਾਰੀ, ਆਰਮਜ਼ ਐਕਟ ਅਤੇ ਸੰਗਠਿਤ ਅਪਰਾਧ ਨਾਲ ਜੁੜੇ 25 ਤੋਂ ਵੱਧ ਮਾਮਲੇ ਦਰਜ ਹਨ। ਉਹ ਅੰਮ੍ਰਿਤਸਰ ਦੀ ਹੋਮਲੈਂਡ ਹਾਈਟਸ ਸੋਸਾਇਟੀ ਵਿੱਚ ਹੋਈ ਫਾਇਰਿੰਗ ਦਾ ਵੀ ਮੁਲਜ਼ਮ ਹੈ। ਉਸ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਸਰਕਾਰ ਨੇ ₹5 ਲੱਖ ਦਾ ਇਨਾਮ ਘੋਸ਼ਿਤ ਕੀਤਾ ਹੋਇਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਉਸ ਦੇ ਗੈਂਗ, ਵਿਦੇਸ਼ ਭੱਜਣ ਵਿੱਚ ਮਦਦ ਕਰਨ ਵਾਲਿਆਂ, ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਲੋਕਾਂ ਅਤੇ ਪੰਜਾਬ ਵਿੱਚ ਹੋਈਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




