
ਚੰਡੀਗੜ੍ਹ, 11 ਨਵੰਬਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਮੋਹਾਲੀ ਵਿਖੇ ਕਈ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ਅਤੇ ਸੂਬੇ ਦੀ ਮੁੜ ਤਰੱਕੀ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਦੇ ਸੰਦੇਸ਼ ਅਤੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮਿਲ ਕੇ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੁਹਿੰਮ ਦਾ ਉਦੇਸ਼ ਪੰਜਾਬ ਵਿੱਚ ਨਸ਼ਿਆਂ, ਅਪਰਾਧ, ਭ੍ਰਿਸ਼ਟਾਚਾਰ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਵਿਰੁੱਧ ਇੱਕ ਵਿਸ਼ਾਲ ਲੋਕ ਲਹਿਰ ਖੜ੍ਹੀ ਕਰਨਾ ਹੈ।
ਇਸ ਮੁਹਿੰਮ ਤਹਿਤ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਕੀਤੀ ਜਾਵੇਗੀ, ਖ਼ਾਸ ਤੌਰ ’ਤੇ ਨਸ਼ਿਆਂ ਅਤੇ ਅਪਰਾਧਿਕ ਹਿੰਸਾ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਸੰਵਾਦ ਰਚਾਇਆ ਜਾਵੇਗਾ। ਇਸ ਰਾਹੀਂ ਲੋਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਇਨਸਾਫ਼ ਦੀ ਮੰਗ ਉਠਾਉਣ ਲਈ ਇੱਕ ਮੰਚ ਮੁਹੱਈਆ ਕਰਵਾਇਆ ਜਾਵੇਗਾ। ਲੋਕਾਂ ਨਾਲ ਸਿੱਧੇ ਸੰਵਾਦ ਅਤੇ ਜ਼ਮੀਨੀ ਪੱਧਰ ’ਤੇ ਲਾਮਬੰਦੀ ਰਾਹੀਂ ਸਰਕਾਰ ਨੂੰ ਉਸ ਦੀਆਂ ਨਾਕਾਮੀਆਂ ਲਈ ਜਵਾਬਦੇਹ ਬਣਾਉਣ ਦੇ ਨਾਲ-ਨਾਲ ਪੰਜਾਬ ਵਿੱਚ ਸੁਰੱਖਿਆ, ਸਨਮਾਨ ਅਤੇ ਇਨਸਾਫ਼ ਬਹਾਲ ਕਰਨ ਦੀ ਲੋੜ ਨੂੰ ਉਭਾਰਿਆ ਜਾਵੇਗਾ।
ਇਸ ਤੋਂ ਬਾਅਦ ਬਾਜਵਾ ਨੇ ਮੋਹਾਲੀ ਵਿਖੇ ਉਦਯੋਗਿਕ ਖੇਤਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਉਦਯੋਗ ਜਗਤ ਸਾਹਮਣੇ ਮੌਜੂਦ ਮੌਕਿਆਂ ਅਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ 2027 ਵਿੱਚ ਕਾਂਗਰਸ ਸਰਕਾਰ ਬਣਨ ’ਤੇ ਉਦਯੋਗਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਪ੍ਰਗਤੀਸ਼ੀਲ, ਨਿਵੇਸ਼-ਪੱਖੀ ਅਤੇ ਪ੍ਰਭਾਵਸ਼ਾਲੀ ਉਦਯੋਗਿਕ ਨੀਤੀ ਬਣਾਈ ਜਾਵੇਗੀ। ਇਸ ਦਾ ਉਦੇਸ਼ ਨਿਵੇਸ਼ ਨੂੰ ਉਤਸ਼ਾਹਿਤ ਕਰਨਾ, ਨਵੀਨਤਾ ਨੂੰ ਹੱਲਾਸ਼ੇਰੀ ਦੇਣਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਉਦਯੋਗਿਕ ਸੂਬਿਆਂ ਵਿੱਚ ਸ਼ਾਮਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸੂਬੇ ਦੇ ਉਦਯੋਗਪਤੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੁਕਾਬਲਾ ਕਰਨ ਲਈ ਅਨੁਕੂਲ ਮਾਹੌਲ ਅਤੇ ਲੋੜੀਂਦੀ ਨੀਤੀਗਤ ਸਹਾਇਤਾ ਦਿੱਤੀ ਜਾਵੇਗੀ। ਉਦਯੋਗਿਕ ਵਿਕਾਸ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਬਾਜਵਾ ਅਤੇ ਪਰਗਟ ਸਿੰਘ ਨੇ ਬਾਅਦ ਵਿੱਚ ਮੋਹਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨ, ਲੋਕਾਂ ਤੱਕ ਪਹੁੰਚ ਵਧਾਉਣ ਅਤੇ ਕਾਂਗਰਸ ਦਾ ਸੁਨੇਹਾ ਹਰ ਵਿਧਾਨ ਸਭਾ ਹਲਕੇ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਦੋਵਾਂ ਆਗੂਆਂ ਨੇ ਪੰਜਾਬ ਦੀ ਤਰੱਕੀ ਮੁੜ ਲੀਹ ’ਤੇ ਲਿਆਉਣ, ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਸੂਬੇ ਲਈ ਖੁਸ਼ਹਾਲ, ਸੁਰੱਖਿਅਤ ਤੇ ਨਿਆਂਪੂਰਨ ਭਵਿੱਖ ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




