Press ReleaseBreaking NewsD5 specialNewsPoliticsPunjab
ਕਿਸਾਨੀ ਪਰਚੇ ਰੱਦ ਕਰਕੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ
ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੋਧਰਪੁਰ ’ਚ ਹੋਵੇਗਾ ਮੁੱਖ ਸਮਾਗਮ-ਬੀਬੀ ਜਗੀਰ ਕੌਰ
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਸੌਂਪੀ
ਕੇਂਦਰੀ ਸਿੱਖ ਅਜਾਇਬ ਘਰ ’ਚ 15 ਫ਼ਰਵਰੀ ਨੂੰ ਲੱਗੇਗੀ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ-ਬੀਬੀ ਜਗੀਰ ਕੌਰ
ਸਿਕਲੀਗਰ ਬੱਚਿਆਂ ਲਈ ਇੰਦੌਰ ਵਿਖੇ ਤਕਨੀਕੀ ਕੇਂਦਰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਹਾਇਤਾ
ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਆਉਣ ਵਾਲਾ ਸਾਰਾ ਖ਼ਰਚਾ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਸ. ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ। ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਲੰਗਰ ਲਈ ਭਾਫ਼ ਸਿਸਟਮ ਲਗਾਉਣ ਦੀ ਸੇਵਾ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸੌਂਪਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਇਕੱਤਰਤਾ ’ਚ ਲਏ ਗਏ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ (ਗੁਰਦਾਸਪੁਰ) ਵਿਖੇ ਕੀਤੇ ਜਾਣਗੇ। 19 ਤੋਂ 21 ਫ਼ਰਵਰੀ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗੋਧਰਪੁਰ ਵਿਖੇ ਸ਼ਹੀਦ ਭਾਈ ਲਸ਼ਮਣ ਸਿੰਘ ਦਾ ਪਰਿਵਾਰ ਵੱਸਿਆ ਸੀ, ਜਿਨ੍ਹਾਂ ਦੀ ਯਾਦ ਵਿਚ ਉਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਭੇਜਿਆ ਜਾਵੇਗਾ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨ੍ਹਾਂ ਦੱਸਿਆ ਕਿ ਵਿਸ਼ਾਲ ਸਮਾਗਮਾਂ ਤੋਂ ਇਲਾਵਾ ਨਗਰ ਕੀਰਤਨ ਵੀ ਵਿਸ਼ੇਸ਼ ਹੋਣਗੇ। ਇਕ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੀਕ ਸਜਾਇਆ ਜਾਵੇਗਾ। ਹੋਰ ਫੈਸਲਿਆਂ ਬਾਰੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਭਾਰਤ ਸਰਕਾਰ ਨੂੰ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਵੱਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ। ਹਰ ਪੇਸ਼ੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਮੱਦਦ ਲਈ ਵਚਨਬੱਧ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਅਧੀਨ ਆਉਂਦੇ ਕਈ ਗੁਰਦੁਆਰਿਆਂ ਜਿਨ੍ਹਾਂ ਦੀ ਆਮਦਨ ਸਾਲਾਨਾ 35 ਲੱਖ ਤੋਂ ਜ਼ਿਆਦਾ ਹੈ, ਨੂੰ ਸੈਕਸ਼ਨ-85 ਅਧੀਨ ਸਿੱਧੇ ਪ੍ਰਬੰਧ ਲਈ ਭਾਰਤ ਸਰਕਾਰ ਪਾਸ ਕੇਸ ਭੇਜਿਆ ਗਿਆ ਹੈ, ਪਰੰਤੂ ਅਜੇ ਤੀਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਇਹ ਗੁਰਦੁਆਰਾ ਸਾਹਿਬ ਸੈਕਸ਼ਨ-85 ਅਧੀਨ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ। ਇੰਦੌਰ ਵਿਖੇ ਹੀ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ। ਨੌਜੁਆਨ ਲੜਕੀ ਨੌਦੀਪ ਕੌਰ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ ਦੇਣ ਦੀ ਮੰਗ ਕੀਤੀ।
ਦਿੱਲੀ ਵਿਖੇ ਸ਼ਹੀਦ ਹੋਏ ਨਵਦੀਪ ਸਿੰਘ ਸਮੇਤ ਹੋਰ ਕਿਸਾਨ ਜੋ ਸੰਘਰਸ਼ ਦੌਰਾਨ ਚਲਾਣਾ ਕਰ ਗਏ ਹਨ, ਸਬੰਧੀ ਵੀ ਬੀਬੀ ਜਗੀਰ ਕੌਰ ਨੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਦੇ ਅਕਾਲ ਚਲਾਣਾ ਸਬੰਧੀ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.