PunjabTop News

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ—ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਜੀ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ

ਭਾਰਤੀ ਕਿਸਾਨ ਯੂਨੀਅਨ (ਨੈਨ), ਹਰਿਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮਹਾਨ ਕਿਸਾਨ ਆਗੂ ਅਤੇ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਜੀ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ ਕਰਵਾਈ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਚੌਧਰੀ ਘਾਸੀ ਰਾਮ ਨੈਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨੀ ਹੱਕਾਂ ਲਈ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਅਤੇ ਯੋਗਦਾਨ ਨੂੰ ਯਾਦ ਕੀਤਾ।

ਇਸ ਮੌਕੇ ਚੌਧਰੀ ਰਾਕੇਸ਼ ਟਿਕੈਤ, ਚੌਧਰੀ ਜੋਗਿੰਦਰ ਸਿੰਘ ਨੈਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਚੰਡੀਗੜ੍ਹ ਦੇ ਪ੍ਰਧਾਨ ਕੁਲਦੀਪ ਕੱਲੂ ਵੱਲੋਂ ਚੌਧਰੀ ਘਾਸੀ ਰਾਮ ਨੈਨ ਜੀ ਦੇ ਜੀਵਨ ਅਤੇ ਕਿਸਾਨੀ ਸੰਘਰਸ਼ ਨਾਲ ਸਬੰਧਤ ਪੁਸਤਕ ਦਾ ਵਿਮੋਚਨ ਵੀ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਚੌਧਰੀ ਘਾਸੀ ਰਾਮ ਨੈਨ ਜੀ ਨੇ ਆਪਣੀ ਪੂਰੀ ਜ਼ਿੰਦਗੀ ਕਿਸਾਨਾਂ ਅਤੇ ਪੇਂਡੂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਬਿਤਾਈ। ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਅੱਜ ਵੀ ਕਿਸਾਨ ਅੰਦੋਲਨ ਲਈ ਪ੍ਰੇਰਣਾ ਦਾ ਸਰੋਤ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਮੁੜ ਵੱਡੇ ਸੰਘਰਸ਼ ਵਿੱਢਣੇ ਪੈਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਨੂੰ ਫ਼ਸਲਾਂ ਦਾ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਐੱਮ.ਐੱਸ.ਪੀ. ਦਿਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਬੀਕੇਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਲਾਇਆ ਗਿਆ ਮੋਰਚਾ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਸੀ। ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਨੂੰ ਸਮਾਂ ਦਿੱਤਾ ਗਿਆ ਸੀ, ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਬਾਕੀ ਰਹਿੰਦੇ 15 ਦਿਨਾਂ ਦੌਰਾਨ ਜੇਕਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਵੱਲ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 22 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਵਿੱਚ ਇਸ ਮਾਮਲੇ ’ਤੇ ਵਿਚਾਰ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਚੌਧਰੀ ਘਾਸੀ ਰਾਮ ਨੈਨ ਜੀ ਦੀ ਸੰਘਰਸ਼ਸ਼ੀਲ ਵਿਰਾਸਤ ਤੋਂ ਪ੍ਰੇਰਣਾ ਲੈਂਦਿਆਂ ਕਿਸਾਨੀ ਮਸਲਿਆਂ ਲਈ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਮਨਪ੍ਰੀਤ ਸਿੰਘ ਅਮਲਾਲਾ ਮੀਤ ਪ੍ਰਧਾਨ ਬੀਕੇਯੂ ਲੱਖੋਵਾਲ, ਰਣਜੀਤ ਸਿੰਘ ਰਾਣਾ ਭਗਵਾਨਪੁਰ ਜਿਲਾ ਮੀਤ ਪ੍ਰਧਾਨ ਲੱਖੋਵਾਲ, ਧਰਮ ਸਿੰਘ ਦੋਪਰ ਯੂਨੀਅਨ ਮੈਂਬਰ, ਹਰੀ ਸਿੰਘ ਬੋਹੜਾ ਕਾਰਜਕਾਰੀ ਬਲਾਕ ਪ੍ਰਧਾਨ ਡੇਰਾ ਬੱਸੀ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button