Press ReleasePunjabTop News

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ। ਸਾਕੇ ਦੀ ਸਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਾਈ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਦਰਦ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਸ੍ਰੀ ਪਾਉਂਟਾ ਸਾਹਿਬ ਦਾ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਕਈ ਸਾਕੇ ਵਾਪਰੇ ਜਿਨ੍ਹਾਂ ਵਿਚ ਸਿੱਖਾਂ ਦੀਆਂ ਅਣਗਿਣਤ ਸ਼ਹੀਦੀਆਂ ਹੋਈਆਂ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖਾਂ ਨੇ ਉਸ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕੌਮ ਕਦੀ ਨਹੀਂ ਭੁਲਾ ਸਕਦੀ। ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ 23 ਮਈ ਨੂੰ ਸਮਾਗਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸਾਕਾ 22 ਮਈ ਨੂੰ ਵਾਪਰਿਆ ਸੀ ਪਰ ਇਸ ਸਬੰਧ ਵਿਚ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧੀ 23 ਮਈ ਨੂੰ ਸਮਾਗਮ ਕੀਤਾ ਜਾਇਆ ਕਰੇਗਾ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਨੌਰੰਗ ਸਿੰਘ, ਬਾਬਾ ਗੁਰਦੇਵ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਗੁਰਮੀਤ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਇਕਬਾਲ ਸਿੰਘ ਮੁਖੀ, ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button