ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ‘ਤੇ ਮੁੱਖ ਮੰਤਰੀ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ
ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ: ਮੁੱਖ ਮੰਤਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ।
ਭਗਵੰਤ ਮਾਨ ਨੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਅਪਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਿਸ ਅਧਿਕਾਰੀਆਂ ਨੇ ਅਪਰੇਸ਼ਨ ਦੌਰਾਨ ਵਿਲੱਖਣ ਬਹਾਦਰੀ ਤੇ ਸਾਹਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ‘ਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਨੂੰ ਸ਼ਾਂਤਮਈ, ਖ਼ੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.