PunjabTop News

ਗ੍ਰਿਫ਼ਤਾਰੀ ਡਰੋਂ ਅਮਰਜੀਤ ਚਾਵਲਾ ਪਹੁੰਚੇ ਕੈਨੇਡਾ

 ਜਬਰ-ਜਨਾਹ ਦਾ ਮਾਮਲਾ ਦਰਜ ਹੋਣ ਮਗਰੋਂ ਰੂਪੋਸ਼ ਹੋਏ ਸਨ ਸ਼੍ਰੋਮਣੀ ਕਮੇਟੀ ਮੈਂਬਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਦਾ ਮਾਮਲਾ ਦਰਜ ਹੋਣ ਮਗਰੋਂ ਪੁਲੀਸ ਨੂੰ ਚਕਮਾ ਦੇ ਕੇ ਕੈਨੇਡਾ ਪਹੁੰਚ ਗਏ ਹਨ। ਆਨੰਦਪੁਰ ਸਾਹਿਬ ਦੇ ਥਾਣੇ ’ਚ ਉਨ੍ਹਾਂ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ 20 ਅਗਸਤ ਨੂੰ ਦਰਜ ਹੋ ਗਿਆ ਸੀ, ਪਰ ਪੁਲੀਸ ਨੇ ਉਨ੍ਹਾਂ ਨੂੰ ਭਿਣਕ ਤੱਕ ਨਹੀਂ ਪੈਣ ਦਿੱਤੀ। ਹੁਣ ਜਦੋਂ ਪੁਲੀਸ ਚਾਵਲਾ ਦੀ ਭਾਲ ’ਚ ਜੁਟ ਗਈ ਹੈ ਤਾਂ ਪਤਾ ਲੱਗਿਆ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦੇਸ਼ ਵਿੱਚੋਂ ਫ਼ਰਾਰ ਹੋ ਗਏ ਹਨ।ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 13 ਸਤੰਬਰ ਨੂੰ ਕੈਨੇਡਾ ਪਹੁੰਚ ਗਏ ਹਨ। ਪੰਜਾਬ ਪੁਲੀਸ ਵੱਲੋਂ ਚਾਵਲਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਚਾਵਲਾ ਦੇ ਕੈਨੇਡਾ ਪੁੱਜਣ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਚਾਵਲਾ ਖ਼ਿਲਾਫ਼ ਕੇਸ ਸੰਗਰੂਰ ਜ਼ਿਲ੍ਹੇ ਦੀ ਇੱਕ ਔਰਤ ਦੀ ਸ਼ਿਕਾਇਤ ’ਤੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਥਾਣੇ ’ਚ ਦਰਜ ਕੀਤਾ ਗਿਆ ਹੈ। ਇਸ ਔਰਤ ਨੇ ਚਾਵਲਾ ’ਤੇ ਵਾਰ-ਵਾਰ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ।
ਪੁਲੀਸ ਅਧਿਕਾਰੀ ਆਖਦੇ ਹਨ ਕਿ ਅਮਰਜੀਤ ਸਿੰਘ ਚਾਵਲਾ ਹਾਲੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦੂਸਰੀ ਤਰਫ਼ ਐੱਫ਼ ਆਈ ਆਰ ਦਰਜ ਹੋਣ ਤੋਂ ਬਾਅਦ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਚਾਵਲਾ ਨੇ ਸੋਸ਼ਲ ਮੀਡੀਆ ’ਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਇਸ ਮਾਮਲੇ ਨੂੰ ‘ਝੂਠਾ, ਬੇਬੁਨਿਆਦ ਅਤੇ ਕਿਰਦਾਰਕੁਸ਼ੀ ਕਰਨ ਦੀ ਇੱਕ ਡੂੰਘੀ ਸਾਜ਼ਿਸ਼’ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਨੈਤਿਕ ਆਧਾਰ ’ਤੇ ਅਸਤੀਫ਼ਾ ਦੇ ਰਹੇ ਹਨ ਅਤੇ ਜਦੋਂ ਤੱਕ ਅਦਾਲਤ ਤੋਂ ਨਿਰਦੋਸ਼ ਸਾਬਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਵੀ ਜਨਤਕ ਅਹੁਦੇ ’ਤੇ ਵਾਪਸ ਨਹੀਂ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button