PunjabTop News

ਚਿੱਠੀ ਭੇਜ ਵਿਧਾਇਕ ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ…

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗੀ ਹੈ। ਗਿਆਸਪੁਰਾ ਨੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਭੇਜ ਕੇ ਲਿਖਤੀ ਮੁਆਫੀ ਮੰਗੀ ਹੈ, ਇਹ ਚਿੱਠੀ 2 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਗਈ ਸੀ ਪਰ ਇਹ ਹੁਣ ਸਾਹਮਣੇ ਆਈ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਆਪਣੀਆਂ ਜਾਣੇ-ਅਣਜਾਣੇ ਵਿਚ ਕੀਤੀਆਂ ਭੁੱਲਾਂ ਲਈ ਮੁਆਫ਼ੀ ਮੰਗਦਿਆਂ ਖਿਮਾ ਯਾਚਨਾ ਕੀਤੀ ਹੈ। ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣੀਆਂ ਗਲਤੀਆਂ ਲਈ ਖਿਮਾ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਮਰਿਆਦਾ ਅਨੁਸਾਰ ਤਨਖਾਹ ਲਗਵਾਉਣ ਲਈ ਪੇਸ਼ ਹੋਣ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਵਿਧਾਇਕ ਵੱਲੋਂ ਚਿੱਠੀ ਭੇਜੇ ਜਾਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਗਲੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।

12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਗਿਆ ਸੀ। ਜਿੱਥੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਦੇ ਚੱਲਦੇ ਸਕੱਤਰੇਤ ਵਿਖੇ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ‘ਤੇ ਗਿਆਸਪੁਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਣ ਅੰਦਰ ਜਾਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਸਕੱਤਰੇਤ ਵਿਖੇ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਕੱਤਰੇਤ ਨੇ ਜਾਤੀ ਵਿਤਕਰੇ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਸੀ।

ਇਸ ਘਟਨਾਕ੍ਰਮ ਮਗਰੋਂ 17 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ। ਇਹ ਕਾਰਵਾਈ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਾਰਨ ਕੀਤੀ ਗਈ। ਇਸ ਮੌਕੇ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button