PunjabTop News

ਜਥੇਦਾਰ ਗੜਗੱਜ ਵਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ਵਿਚ ਇਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈ ਹੈ, ਇਸ ਲਈ ਸਮੂਹ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਪਰਿਵਾਰ ਦੀ ਭਾਵਨਾ ਅਨੁਸਾਰ ਇਹ ਆਖਿਆ ਕਿ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ਉੱਤੇ ਪ੍ਰਕਾਸ਼ਿਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ ਕਿਉਂਕਿ ਇਹ ਉਸ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ ਵਿਚ ਰੈਗਿੰਗ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰੰਤੂ ਇਸ ਘਟਨਾ ਵਿਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਆਖਿਆ ਹੈ ਜੋ ਬੱਚਿਆਂ ਵਿਚ ਅਨੁਸ਼ਾਸਨ ਕਾਇਮ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇਕ ਹਫ਼ਤੇ ਵਿਚ ਪ੍ਰਿੰਸੀਪਲ ਬਦਲ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button