Press ReleasePunjabTop News

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ – ਮਾਨ 

- ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

– ਮੁੱਖ ਮੰਤਰੀ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ
– ਸਮੂਹ ਪੰਜਾਬੀਆਂ ਨੂੰ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਸੱਦਾ

ਚੰਡੀਗੜ੍ਹ, 21 ਫਰਵਰੀ 2023 – ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ਵਿਚ ਏਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।

ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ।

ਭ੍ਰਿਸ਼ਟਾਚਾਰ ਨੂੰ ‘ਮਾਨਸਿਕ ਰੋਗ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਕੌਮਂਤਰੀ ਮਾਂ-ਬੋਲੀ ਦਿਵਸ ‘ਤੇ ਪੰਜਾਬੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਾਈਨ ਬੋਰਡਾਂ (ਦਿਸ਼ਾ ਸੂਚਕ) ‘ਤੇ ਪੰਜਾਬੀ ਨੂੰ ਪਹਿਲ ਦੇਣ ਦੀ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਬਹੁਤੇ ਦੁਕਾਨਦਾਰ ਪਹਿਲਾਂ ਹੀ ਸਾਈਨ ਬੋਰਡਾਂ ਵਿਚ ਪੰਜਾਬੀ ਨੂੰ ਤਰਜੀਹ ਦੇ ਚੁੱਕੇ ਹਨ ਪਰ ਬਾਕੀ ਰਹਿੰਦੇ ਦੁਕਾਨਦਾਰਾਂ ਨੂੰ ਵੀ ਰਾਜ਼ੀ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਛੋਟੇ ਦੁਕਾਨਦਾਰ ਸਾਈਨ ਬੋਰਡਾਂ ਨੂੰ ਬਦਲਣ ਦੀ ਸਮਰੱਥਾ ਨਹੀਂ ਰੱਖਦੇ, ਉਨ੍ਹਾਂ ਦੇ ਸਾਈਨ ਬੋਰਡਾਂ ਬਦਲਣ ਨੂੰ ਸੂਬਾ ਸਰਕਾਰ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕੋਈ ਵੀ ਵਿਅਕਤੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵਿਰਵਾ ਹੋ ਕੇ ਕੇ ਆਪਣੀ ਹੋਂਦ ਨਹੀਂ ਬਚਾ ਸਕਦਾ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਸੰਚਾਰ ਕਰਨ ਦੀ ਭਾਸ਼ਾ ਵਜੋਂ ਮਾਨਤਾ ਪ੍ਰਾਪਤ ਹੈ, ਪਰ ਇਸ ਭਾਸ਼ਾ ਨੂੰ ਸਾਡੀ ਮਾਂ-ਬੋਲੀ ਦੀ ਕੀਮਤ ਅਤੇ ਰੁਤਬੇ ‘ਤੇ ਪ੍ਰਫੁੱਲਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੀ ਬਜਾਏ ਹਰੇਕ ਪੰਜਾਬੀ ਨੂੰ ਵਿਰਸੇ ‘ਚ ਮਿਲੇ ਗੌਰਵਮਈ ਸੱਭਿਆਚਾਰਕ ਵਿਰਸੇ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਹ ਯੁੱਗਾਂ ਤੋਂ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਵਿਚਰਦਾ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਮੁਕਾਮ ਹਾਸਲ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਆਪਣੀ ਮਾਂ ਬੋਲੀ ਨੂੰ ਵਿਸਾਰ ਦਿੰਦਾ ਹੈ ਤਾਂ ਇਸ ਨੂੰ ਸਰਾਪ ਸਮਝਿਆ ਜਾਂਦਾ ਹੈ ਪਰ ਬਦਕਿਸਮਤੀ ਨਾਲ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦੀ ਚਾਹਤ ਵਿੱਚ ਪੰਜਾਬ ਵਾਸੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਕਿਉਂਕਿ ਇਸ ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਮਨੁੱਖ ਆਪਣੀ ਮਾਂ-ਬੋਲੀ ਵਿਚ ਹੀ ਵਧੀਆ ਢੰਗ ਨਾਲ ਗੱਲਬਾਤ ਅਤੇ ਪ੍ਰਗਟਾਵਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਵਿਦੇਸ਼ੀ ਮੁਲਕਾਂ ਵਿਚ ਤਾਂ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੋਂ ਕੰਨੀ ਕਤਰਾਉਂਦੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰਾ ਸਾਹਿਤ, ਗੀਤ, ਕਵਿਤਾਵਾਂ ਅਤੇ ਹੋਰ ਰਚਨਾਵਾਂ ਲਿਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਜਦੋਂ ਸਾਨੂੰ ਇਸ ਬੇਸ਼ਕੀਮਤੀ ਖਜ਼ਾਨੇ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਇਸ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਪਰੰਪਰਾਵਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button