Breaking NewsD5 specialNewsPunjab

ਜੇ ’ ਫਾਰਮ ਵਾਲੇ ਕਿਸਾਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ ਜਿਸ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ’ਜੇ ’ ਫਾਰਮ ਅਤੇ ’ਗੰਨਾ ਤੇਲ ਪਰਚੀ ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ ਜਿਨ੍ਹਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਸ ਕਰਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ ਦੇਣੀ ਪਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਸਾਲ 2020-21 ਦੌਰਾਨ ਜਿ਼ਲ੍ਰੇ ਸਮੇਤ ਸੂਬਾ ਭਰ ਦੇ 8.70 ਲੱਖ ’ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ’ ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ ਜਦਕਿ ਇਸ ਸਕੀਮ ਦੇ ਪਹਿਲੇ ਸਾਲ 2019-20 ਦੌਰਾਨ ਪੰਜ ਲੰਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ’ਜੇ ’ ਫਾਰਮਾਂਦੇ ਆਧਾਰ ’ਤੇ ਯੋਗ ਪਾਇਆ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇੱਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ’ਜੇ ’ ਫਾਰਮ ਹੋਲਡਰਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇੱਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਸਾਰੇ ਹੀ ਯੋਗ ਮੰਨੇ ਜਾਣਗੇ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਦੀ ਹਰੀ ਝੰਡੀ ਦਣ ਨਾਲ ਸਾਰੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਰਕੀਟ ਕਮੇਟੀਆਂ ਨੂੰ ਵੀ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਆਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆਂ ਤੋਂ ਫਾਰਮ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫਿਰ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਬਣਾਏ ਪੋਰਟਲ ’ਤੇ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ’ ਸਿਹਤ ਬੀਮਾ ਕਾਰਡ ’ ਜਾਰੀ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਗਦੀ ਰਹਿਤ ਸਕੀਮ ਨਾਲ ਸਾਰੀਆਂ ਬਿਮਾਰੀਆਂ ਜਿਨ੍ਹਾਂ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ ਸੁਚੀਬੱਧ ਹਨ, ਦਾ ਇਲਾਜ ਹੋਵੇਗਾ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ/ਮਾਤਾ/ਪਿਤਾ/ਅਣਵਿਆਹੇ ਬੱਚੇ ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰ: 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ 20 ਅਗਸਤ, 2019 ਨੂੰ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ ਜਿਸ ਤਹਿਤ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਸੀ ਜੋ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button