PunjabTop News

ਝੋਟਾ ਹੱਤਿਆ ਮਾਮਲੇ ’ਚ ਕੇਂਦਰ ਵਲੋਂ ਪੰਜਾਬ ਤੋਂ ਰਿਪੋਰਟ ਤਲਬ

ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੋਂ ਜਵਾਬ ਮੰਗਿਆ ਹੈ। ਕੇਂਦਰ ਵੱਲੋਂ ਜਾਰੀ ਪੱਤਰ ਵਿੱਚ ਘਟਨਾ ਸਬੰਧੀ ਵਿਸਥਾਰਪੂਰਵਕ ਤੱਥਾਂ ਵਾਲੀ ਰਿਪੋਰਟ ਦੇਣ ਅਤੇ ਸੂਬਾ ਸਰਕਾਰ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਦੂਜੇ ਪਾਸੇ, ਅੱਜ ਚੌਥੇ ਦਿਨ ਵੀ ਪਰਿਵਾਰ ਅਤੇ ਸਮਰਥਕਾਂ ਦਾ ਧਰਨਾ ਜਾਰੀ ਹੈ। ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ, ਸੀਬੀਆਈ ਜਾਂਚ ਸਮੇਤ ਪੰਜ ਮੰਗਾਂ ’ਤੇ ਅੜਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਪਰਿਵਾਰ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ।

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨਹੀਂ ਲੈਣਗੇ। ਹਾਲੇ ਤੱਕ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਹੋਇਆ ਹੈ ਅਤੇ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ। ਇਨਸਾਫ਼ ਕਮੇਟੀ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
13 ਅਕਤੂਬਰ ਨੂੰ ਨਸ਼ਾ ਵੇਚਣ ਦਾ ਵਿਰੋਧ ਕਰਨ ’ਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਪਰਵਿੰਦਰ ਝੋਟਾ ਦੀ ਹੱਤਿਆ ਕਰ ਦਿੱਤੀ ਸੀ। ਪੁਲਸ ਅਸ਼ਵਨੀ ਕੁਮਾਰ, ਉਸ ਦੀ ਪਤਨੀ ਨੀਲਮ ਰਾਣੀ ਅਤੇ ਮਦਦ ਕਰਨ ਵਾਲੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਅਸ਼ਵਨੀ ਕੁਮਾਰ ਨੂੰ ਸੱਤ ਦਿਨ ਅਤੇ ਉਸ ਦੀ ਪਤਨੀ ਨੂੰ ਛੇ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਮੁਲਜ਼ਮ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦੇ ਲਾਇਸੈਂਸ ਦੇ ਨਵੀਨੀਕਰਨ (License Renewal) ਨੂੰ ਲੈ ਕੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸਬੰਧਤ ਡਰੱਗ ਇੰਸਪੈਕਟਰ ਨਰੇਸ਼ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਮਾਮਲੇ ਨਾਲ ਸਬੰਧਤ ਰਿਕਾਰਡ ਤਲਬ ਕੀਤਾ ਹੈ। ਇਸ ਦੇ ਨਾਲ ਹੀ ਡਰੱਗ ਇੰਸਪੈਕਟਰ ਤੋਂ ਦੇਰ ਰਾਤ ਤੱਕ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button