ਤਲਾਸ਼ ਖ਼ਤਮ, ਗੁ. ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਹੋਣਗੇ ਅਕਾਲ ਤਖਤ ਸਾਹਿਬ ਦੇ ਜਥੇਦਾਰ !
ਫਤਿਹਗੜ੍ਹ ਸਾਹਿਬ : ਕੁਝ ਦਿਨ ਬਾਅਦ ਇੱਕ ਵਾਰ ਫੇਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਏ ਜਾਣ ਦੀ ਚਰਚਾ ਛਿੜ ਗਈ ਹੈ। ਇਸ ਵਾਰ ਇਸ ਅਹੁਦੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਲਾਏ ਜਾਣ ਦੀਆਂ ਚਰਚਾਵਾਂ ਹਨ। ਪਤਾ ਲੱਗਾ ਹੈ ਕਿ ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਿਛਲੇ ਕਈ ਦਿਨਾਂ ਤੋਂ ਗਿਆਨੀ ਹਰਪਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਦਾ ਅਹੁਦਾ ਸੰਭਾਲਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪਹਿਲਾਂ ਮਾਫ਼ੀ ਦੇਣ ਅਤੇ ਫਿਰ ਮਾਫ਼ੀ ਵਾਪਸ ਲੈਣ ਦੇ ਮੁੱਦੇ ਤੇ ਸਿੱਖ ਸੰਗਤ ਦੇ ਨਿਸ਼ਾਨੇ ’ਤੇ ਚੱਲ ਰਹੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਉੱਤੇ ਪੰਜਾਬ ਵਿਧਾਨ ਸਭਾ ਅੰਦਰ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੀ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਅਤੇ ਉਨ੍ਹਾਂ ਦੇ ਪੁੱਤਰ ਦੇ ਕਾਰੋਬਾਰ ’ਤੇ ਵੀ ਕਈ ਤਰ੍ਹਾਂ ਦੇ ਦੋਸ਼ ਲਾਏ ਸਨ।
Read Also ਬਾਦਲਾਂ ਖ਼ਿਲਾਫ਼ ਸਾਬਕਾ ਜਥੇਦਾਰ ਨੇ ਚੁੱਕਿਆ ਖੂੰਡਾ, ਕਰਤੀ ਭਵਿੱਖਬਾਣੀ!
ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ, ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਅਸਤੀਫਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਬ੍ਰਹਮਪੁਰਾ ਵਰਗੇ ਆਗੂਆਂ ਸਮੇਤ ਕਰਨੈਲ ਸਿੰਘ ਪੰਜੋਲੀ ਅਤੇ ਸੁਖਦੇਵ ਸਿੰਘ ਭੌਰ ਵੀ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਕਰ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਤੋਂ ਇਲਾਵਾ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਗਾਏ ਜਾਣ ਦੀਆਂ ਚਰਚਾਵਾਂ ਚੱਲੀਆਂ ਸਨ ਪਰ ਇਨ੍ਹਾਂ ਸਾਰੀਆਂ ਚਰਚਾਵਾਂ ਵਿਚੋਂ ਕੋਈ ਵੀ ਗੱਲ ਸਿਰੇ ਨਹੀਂ ਚੜ੍ਹੀ। ਇਸਦਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਹਾਲਾਤਾਂ ਵਿਚ ਇਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਆਪਣੇ ਅਹੁਦੇ ਤੇ ਕੰਮ ਕਰ ਰਹੇ ਹਨ ਤੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਚਾਰੇ ਪਾਸੋਂ ਸਿੱਖ ਸੰਗਤ ਦੇ ਨਿਸ਼ਾਨੇ ਤੇ ਹੈ ਉਸਨੂੰ ਦੇਖਦਿਆਂ ਕੋਈ ਵੀ ਸਿੱਖ ਵਿਦਵਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਅਹੁਦਾ ਲੈਣ ਨੂੰ ਤਿਆਰ ਨਹੀਂ ਹੈ।
ਇਸ ਗੱਲ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵੀ ਕਰ ਚੁੱਕੇ ਹਨ ਜਿਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਜਿਸ ਵੇਲੇ ਸਾਲ 2015 ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਬੰਧੀ ਵਿਵਾਦ ਖੜ੍ਹਾ ਹੋਇਆ ਸੀ ਤਾਂ ਉਦੋਂ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬਦਲੇ ਜਾਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਅਜੇ ਤੱਕ ਇਸ ਅਹੁਦੇ ਲਈ ਕੋਈ ਯੋਗ ਉਮੀਦਵਾਰ ਨਾ ਤਾਂ ਮਿਲ ਰਿਹਾ ਹੈ ਤੇ ਨਾ ਹੀ ਕੋਈ ਹਾਮੀ ਭਰ ਰਿਹਾ ਹੈ। ਇੱਧਰ ਤਾਜ਼ਾ ਛਿੜੀ ਚਰਚਾ ਦੇ ਸਬੰਧ ਵਿਚ ਜਦੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡਗ੍ਰੰਥੀ ਗਿਆਨੀ ਹਰਪਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਲਗਾਏ ਜਾਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਇਹ ਕਹਿਣਾ ਸੀ ਕਿ ਇਸ ਵੱਡੇ ਅਹੁਦੇ ਲਈ ਉਹ ਆਪਣੇ ਆਪ ਨੂੰ ਯੋਗ ਨਹੀਂ ਮੰਨਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.