
ਦਿੱਲੀ ਦੇ ਤਿਲਕ ਨਗਰ ਸਥਿਤ ਸਾਹਿਬਪੁਰਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਘਟਨਾ ਤੋਂ ਬਾਅਦ ਅੱਜ ਹਰੀ ਨਗਰ ਇਲਾਕੇ ਵਿੱਚ ਮੁੜ ਬੇਅਦਬੀ ਦੀ ਕੋਸ਼ਿਸ਼ ਦੀ ਖ਼ਬਰ ਸਾਹਮਣੇ ਆਉਣ ਨਾਲ ਸਿੱਖ ਸੰਗਤ ਵਿੱਚ ਗੰਭੀਰ ਚਿੰਤਾ ਪੈਦਾ ਹੋ ਗਈ ਹੈ।
ਸਿੱਖ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਮੁੱਖੀ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਅਤੇ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਸਾਹਿਬਪੁਰਾ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਸੀਬੀਆਈ ਜਾਂਚ, ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਗਠਿਤ ਕਰਨ, ਸਾਜ਼ਿਸ਼ ਦੇ ਮਾਸਟਰਮਾਈਂਡ ਨੂੰ ਬੇਨਕਾਬ ਕਰਨ ਅਤੇ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਵਿਸਥਾਰਪੂਰਵਕ ਪੱਤਰ ਦੇ ਕੇ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਅਤੇ ਪੱਤਰ ਦੀਆਂ ਕਾਪੀਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ, ਦਿੱਲੀ ਪੁਲਿਸ ਕਮਿਸ਼ਨਰ ਅਤੇ ਪੱਛਮੀ ਜ਼ਿਲ੍ਹੇ ਦੇ ਡੀਸੀਪੀ ਨੂੰ ਵੀ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜੀਵਤ ਅਤੇ ਸਦੀਵੀ ਗੁਰੂ ਹਨ, ਇਸ ਲਈ ਗੁਰੂ ਸਾਹਿਬ ਦੇ ਸਰੂਪ ਨਾਲ ਜਾਣਬੁੱਝ ਕੇ ਕੀਤੀ ਛੇੜਛਾੜ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਗੰਭੀਰ ਹਮਲਾ ਹੈ।
ਪੰਜਾਬ ਵਿੱਚ ਪਹਿਲਾਂ ਵੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਹੁਣ ਦਿੱਲੀ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਜਾਂਚ ਨੂੰ ਸਿਰਫ਼ ਇੱਕ ਵਿਅਕਤੀ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ, ਸਗੋਂ ਇਹ ਪਤਾ ਲਗਾਇਆ ਜਾਵੇ ਕਿ ਘਟਨਾ ਪਿੱਛੇ ਕੋਈ ਵੱਡੀ ਸਾਜ਼ਿਸ਼, ਹੋਰ ਵਿਅਕਤੀਆਂ ਦੀ ਸ਼ਮੂਲੀਅਤ ਜਾਂ ਕਿਸੇ ਦੇ ਇਸ਼ਾਰੇ ’ਤੇ ਕੀਤਾ ਗਿਆ ਅਪਰਾਧ ਤਾਂ ਨਹੀਂ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀਆਂ ਲਾਗੂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਕਰਦਿਆਂ ਸਾਜ਼ਿਸ਼, ਉਕਸਾਉਣ ਜਾਂ ਸਹਾਇਤਾ ਕਰਨ ਵਾਲੇ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਮੁਲਜ਼ਮ ਦੇ ਮਾਨਸਿਕ ਤੌਰ ’ਤੇ ਬਿਮਾਰ ਹੋਣ ਸਬੰਧੀ ਕਿਸੇ ਵੀ ਦਾਅਵੇ ਦੀ ਯੋਗ ਡਾਕਟਰੀ ਜਾਂਚ ਕਰਵਾਈ ਜਾਵੇ ਅਤੇ ਬਿਨਾਂ ਤਸਦੀਕ ਅਜਿਹੇ ਦਾਅਵੇ ਨੂੰ ਜਾਂਚ ਤੋਂ ਬਚਣ ਦਾ ਆਧਾਰ ਨਾ ਬਣਨ ਦਿੱਤਾ ਜਾਵੇ।
ਪਰਮਜੀਤ ਸਿੰਘ ਨੇ ਮਾਮਲੇ ਦੀ ਧਾਰਮਿਕ ਸੰਵੇਦਨਸ਼ੀਲਤਾ ਅਤੇ ਵਿਆਪਕ ਪ੍ਰਭਾਵਾਂ ਨੂੰ ਦੇਖਦਿਆਂ ਸੀਬੀਆਈ ਜਾਂਚ ਅਤੇ ਸਮਾਂਬੱਧ ਐੱਸਆਈਟੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਮੋਬਾਈਲ ਫੋਨ, ਕਾਲ ਰਿਕਾਰਡ, ਡਿਜੀਟਲ ਸੰਚਾਰ, ਸੀਸੀਟੀਵੀ ਫੁਟੇਜ, ਵਿੱਤੀ ਲੈਣ-ਦੇਣ ਅਤੇ ਹੋਰ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਉਸ ਨੇ ਇਹ ਕਾਰਵਾਈ ਇਕੱਲੇ ਕੀਤੀ ਜਾਂ ਕਿਸੇ ਵਿਅਕਤੀ, ਗਰੁੱਪ ਜਾਂ ਸੰਸਥਾ ਦੇ ਪ੍ਰਭਾਵ ਜਾਂ ਸਹਿਯੋਗ ਨਾਲ। ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਚੋਣ ਸਰਗਰਮੀਆਂ ਸਮੇਤ ਮੌਜੂਦਾ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਹਰ ਸੰਭਾਵਿਤ ਸਿਆਸੀ, ਨਿੱਜੀ ਜਾਂ ਸੰਗਠਿਤ ਮਕਸਦ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਸਬੂਤ ਕਿਸੇ ’ਤੇ ਦੋਸ਼ ਲਗਾਉਣਾ ਉਨ੍ਹਾਂ ਦਾ ਮਕਸਦ ਨਹੀਂ, ਪਰ ਕਿਸੇ ਵੀ ਸੰਭਾਵਿਤ ਮਾਸਟਰਮਾਈਂਡ ਜਾਂ ਪ੍ਰਭਾਵਸ਼ਾਲੀ ਵਿਅਕਤੀ ਨੂੰ ਜਾਂਚ ਤੋਂ ਬਾਹਰ ਨਾ ਰੱਖਿਆ ਜਾਵੇ।
ਉਨ੍ਹਾਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਤੋਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਪੱਖ, ਬਿਨਾਂ ਦਬਾਅ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਉਣ ਲਈ ਸਿਫ਼ਾਰਸ਼ਾਂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਜਾਂਚ ਦਾ ਅੰਤ ਨਹੀਂ, ਸਗੋਂ ਸ਼ੁਰੂਆਤ ਹੋਣੀ ਚਾਹੀਦੀ ਹੈ ਅਤੇ ਬੇਅਦਬੀ ਕਰਨ ਵਾਲਿਆਂ ਸਮੇਤ ਜੇਕਰ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ ਤਾਂ ਉਸ ਦੇ ਸਾਰੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇ। ਸਿੱਖ ਸੰਗਤ ਨੂੰ ਇਨਸਾਫ਼ ਮਿਲਣਾ ਅਤੇ ਹਰ ਜ਼ਿੰਮੇਵਾਰ ਵਿਅਕਤੀ ਦੀ ਜਵਾਬਦੇਹੀ ਤੈਅ ਹੋਣਾ ਲਾਜ਼ਮੀ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




