
ਨਵੀਂ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਹੱਦ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਪ੍ਰਬੰਧਕਾਂ ਦੀ ਕਥਿਤ ਅਣਗਹਿਲੀ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਘਿਨਾਉਣੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਗੱਲ ਕਹੀ ਹੈ।
ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਦੀ ਪੂਰੀ ਰਿਪੋਰਟ ਹਾਸਲ ਕੀਤੀ ਗਈ। ਇਸ ਤੋਂ ਇਲਾਵਾ ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਇਸ ਸਬੰਧੀ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਪ੍ਰਾਪਤ ਹੋਈ ਰਿਪੋਰਟ ਮੁਤਾਬਕ, ਘਟਨਾ ਵਾਪਰਨ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਵੀ ਵੱਡੀ ਲਾਪਰਵਾਹੀ ਵਰਤੀ ਗਈ। ਇਸੇ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਐਕਸ਼ਨ ਲੈਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਣੇ ਪੂਰੀ ਪ੍ਰਬੰਧਕ ਕਮੇਟੀ ਨੂੰ ਤਲਬ ਕਰ ਲਿਆ ਹੈ। ਇਨ੍ਹਾਂ ਸਾਰਿਆਂ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਜਥੇਦਾਰ ਸਾਹਿਬ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਇਹ ਘਟਨਾ ਵੀ ਉਸੇ ਕੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਅਸਲ ਮਨਸ਼ਾ ਅਤੇ ਇਸ ਘਟਨਾ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਰਦਾਫਾਸ਼ ਹੋਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਗੁਰੂਘਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਸੁਰੱਖਿਆ ਵਿੱਚ ਕੁਤਾਹੀ ਵਰਤਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਨੁਸਾਰ, ਬੇਅਦਬੀ ਦੀ ਇਹ ਮੰਦਭਾਗੀ ਘਟਨਾ 15 ਨਵੰਬਰ ਨੂੰ ਵਾਪਰੀ ਸੀ, ਪਰ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੀ ਜਾਣਕਾਰੀ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਅਤੇ ਨਾ ਹੀ ਸੰਗਤ ਦੇ ਧਿਆਨ ਵਿੱਚ ਲਿਆਂਦੀ।
ਜਾਣਕਾਰੀ ਮੁਤਾਬਕ 17 ਨਵੰਬਰ ਨੂੰ ਉਹੀ ਵਿਅਕਤੀ ਮੁੜ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ, ਜਿਸ ਤੋਂ ਬਾਅਦ ਗ੍ਰੰਥੀ ਸਿੰਘ ਅਤੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰਕੇ ਰੌਲਾ ਪਾਇਆ ਅਤੇ ਮੌਕੇ ‘ਤੇ ਸੰਗਤ ਇਕੱਠੀ ਹੋ ਗਈ। ਫ਼ਿਲਹਾਲ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ। ਹਾਲਾਂਕਿ, ਜਥੇਦਾਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਇਸ ਪੂਰੇ ਮਾਮਲੇ ਵਿੱਚ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਵੀ ਬੇਹੱਦ ਗੰਭੀਰ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਵਾਬਦੇਹੀ ਲਈ ਤਲਬ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




