ਨਿਯਮ ਤੋੜਿਆ ਤਾਂ ਛੱਡਣਾ ਪਵੇਗਾ ਕੈਨੇਡਾ ! ਇਮੀਗ੍ਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਸਖ਼ਤ ਹਦਾਇਤਾਂ

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ’ਤੇ ਕੰਮ ਕਰਨ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਸਟੱਡੀ ਪਰਮਿਟ ਹੋਣ ਨਾਲ ਵਿਦਿਆਰਥੀਆਂ ਨੂੰ ਆਪਣੇ ਆਪ ਕੰਮ ਕਰਨ ਦੀ ਇਜਾਜ਼ਤ ਨਹੀਂ ਮਿਲ ਜਾਂਦੀ।
ਵਿਭਾਗ ਅਨੁਸਾਰ ਵਿਦਿਆਰਥੀਆਂ ਨੂੰ ਆਪਣੇ ਸਟੱਡੀ ਪਰਮਿਟ ਦੀਆਂ ਸ਼ਰਤਾਂ ਧਿਆਨ ਨਾਲ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਇਹ ਜਾਂਚਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪਰਮਿਟ ਵਿੱਚ ਕੈਂਪਸ ਦੇ ਅੰਦਰ ਜਾਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਰਜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਿਰਧਾਰਤ ਯੋਗਤਾ ਦੀਆਂ ਸ਼ਰਤਾਂ ਵੀ ਪੂਰੀਆਂ ਕਰਨੀਆਂ ਲਾਜ਼ਮੀ ਹਨ। ਪੜ੍ਹਾਈ ਦਾ ਪ੍ਰੋਗਰਾਮ ਅਧਿਕਾਰਤ ਤੌਰ ’ਤੇ ਸ਼ੁਰੂ ਹੋਣ ਤੋਂ ਪਹਿਲਾਂ ਉਹ ਕੰਮ ਨਹੀਂ ਕਰ ਸਕਦੇ।IRCC ਦੇ ਨਿਯਮਾਂ ਮੁਤਾਬਕ ਯੋਗ ਅੰਤਰਰਾਸ਼ਟਰੀ ਵਿਦਿਆਰਥੀ ਨਿਯਮਤ ਪੜ੍ਹਾਈ ਦੌਰਾਨ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ ਵੱਧ ਤੋਂ ਵੱਧ 24 ਘੰਟੇ ਕੰਮ ਕਰ ਸਕਦੇ ਹਨ। ਜਦਕਿ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਨਿਰਧਾਰਤ ਛੁੱਟੀਆਂ ਦੌਰਾਨ ਉਹ ਬਿਨਾਂ ਘੰਟਿਆਂ ਦੀ ਸੀਮਾ ਦੇ ਕੰਮ ਕਰ ਸਕਦੇ ਹਨ, ਬਸ਼ਰਤੇ ਉਹ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ।
ਇਮੀਗ੍ਰੇਸ਼ਨ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਮਨਜ਼ੂਰਸ਼ੁਦਾ ਸਮੇਂ ਤੋਂ ਵੱਧ ਕੰਮ ਕਰਨਾ ਜਾਂ ਬਿਨਾਂ ਅਧਿਕਾਰ ਕੰਮ ਸ਼ੁਰੂ ਕਰਨਾ ਵਿਦਿਆਰਥੀਆਂ ਲਈ ਗੰਭੀਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ ਵਿਦਿਆਰਥੀ ਆਪਣਾ ਸਟੱਡੀ ਸਟੇਟਸ ਗੁਆ ਸਕਦੇ ਹਨ, ਭਵਿੱਖ ਵਿੱਚ ਸਟੱਡੀ ਜਾਂ ਵਰਕ ਪਰਮਿਟ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ ਅਤੇ ਕੁਝ ਮਾਮਲਿਆਂ ਵਿੱਚ ਕੈਨੇਡਾ ਛੱਡਣ ਦੀ ਨੌਬਤ ਵੀ ਆ ਸਕਦੀ ਹੈ।
ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਕੈਨੇਡਾ ਵਿੱਚ ਕੰਮ ਜਾਰੀ ਰੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਜਾਂ ਕਿਸੇ ਹੋਰ ਯੋਗ ਵਰਕ ਅਥਾਰਾਈਜ਼ੇਸ਼ਨ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।
IRCC ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਮਿਟ ਦੀਆਂ ਸ਼ਰਤਾਂ ਦੀ ਪੂਰੀ ਜਾਣਕਾਰੀ ਲੈਣ ਅਤੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਚਣ, ਤਾਂ ਜੋ ਕੈਨੇਡਾ ਵਿੱਚ ਉਨ੍ਹਾਂ ਦਾ ਭਵਿੱਖ ਅਤੇ ਇਮੀਗ੍ਰੇਸ਼ਨ ਸਟੇਟਸ ਸੁਰੱਖਿਅਤ ਰਹਿ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




