
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੱਲਾ ਮੋੜ ਕਾਦੀਆਂ ਵਿਖੇ ਨਿਸ਼ਾਨ ਸਾਹਿਬ ਹਟਾਏ ਜਾਣ ਦੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਸੂਬਾ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਹੈ। ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਮਨੁੱਖੀ ਅਧਿਕਾਰ ਸੁਰੱਖਿਆ ਐਕਟ 1993 ਦੀ ਧਾਰਾ 12 ਤਹਿਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਦੋਵਾਂ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋ ਹਫ਼ਤਿਆਂ ਦੇ ਅੰਦਰ ਵਿਸਥਾਰਪੂਰਵਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਕੋਲ 19 ਨਵੰਬਰ 2026 ਨੂੰ ਦਾਇਰ ਕੀਤੀ ਗਈ ਸ਼ਿਕਾਇਤ ਮੁਤਾਬਕ, ਪਿੰਡ ਡੱਲਾ ਮੋੜ ਕਾਦੀਆਂ ਦੇ ਇੱਕ ਸਥਾਨਕ ਕਿਸਾਨ ਮੰਗਲ ਸਿੰਘ ਵੱਲੋਂ ਗੁਰਦੁਆਰਾ ਲੰਗਰ ਹਾਲ ਦੀ ਉਸਾਰੀ ਲਈ ਆਪਣੀ ਨਿੱਜੀ ਜ਼ਮੀਨ ਵਿੱਚੋਂ 10 ਮਰਲੇ ਜਗ੍ਹਾ ਦਾਨ ਕੀਤੀ ਗਈ ਸੀ। ਇਸ ਅਸਥਾਨ ‘ਤੇ ਸਿੱਖ ਸੰਗਤ ਵੱਲੋਂ ਸਿੱਖ ਰਵਾਇਤਾਂ ਅਤੇ ਗੁਰਮਤਿ ਮਰਿਆਦਾ ਮੁਤਾਬਕ ਨਿਸ਼ਾਨ ਸਾਹਿਬ ਸੁਸ਼ੋਭਿਤ ਕੀਤਾ ਗਿਆ ਸੀ। ਸ਼ਿਕਾਇਤਕਰਤਾਵਾਂ ਨੇ ਇਲਜ਼ਾਮ ਲਾਇਆ ਹੈ ਕਿ ਵਿਰੋਧੀ ਧੜੇ ਨਾਲ ਸਬੰਧਤ ਕੁਝ ਸ਼ਰਾਰਤੀ ਅਨਸਰਾਂ ਨੇ ਸਿਆਸੀ ਵਿਅਕਤੀਆਂ ਦੀ ਕਥਿਤ ਸ਼ਹਿ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਦਿਆਂ ਨਿਸ਼ਾਨ ਸਾਹਿਬ ਨੂੰ ਹਟਾ ਦਿੱਤਾ ਅਤੇ ਬੇਅਦਬੀ ਕੀਤੀ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

27 ਨਵੰਬਰ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਸ਼ਿਕਾਇਤ ਵਿੱਚ ਲਾਏ ਗਏ ਇਲਜ਼ਾਮ ਪਹਿਲੀ ਨਜ਼ਰੇ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਪਦੇ ਹਨ। ਇਸ ਸਬੰਧੀ ਕਮਿਸ਼ਨ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਸ਼ਾਨ ਸਾਹਿਬ ਦੇ ਢਾਂਚੇ ਨੂੰ ਹਟਾਉਣ ਲਈ ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਕਿਸੇ ਵੀ ਹੁਕਮ ਜਾਂ ਅਰਜ਼ੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨ। ਕਮਿਸ਼ਨ ਨੇ ਇਹ ਵੀ ਸਖ਼ਤ ਹਦਾਇਤ ਕੀਤੀ ਹੈ ਕਿ ਜੇਕਰ ਅਜਿਹਾ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਹੋਇਆ ਸੀ, ਤਾਂ ਇਸ ਗੱਲ ਦੀ ਵਿਸਥਾਰਪੂਰਵਕ ਰਿਪੋਰਟ ਦਿੱਤੀ ਜਾਵੇ ਕਿ ਇਸ ਕਾਰਵਾਈ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਿਵੇਂ ਹੋਈ ਅਤੇ ਸਰਕਾਰ ਵੱਲੋਂ ਇਸ ਸਬੰਧੀ ਕੀ ਕਦਮ ਚੁੱਕੇ ਗਏ ਹਨ
ਸ਼ਿਕਾਇਤਕਰਤਾਵਾਂ ਨੇ ਇਲਾਕੇ ਵਿੱਚ ਭਾਈਚਾਰਕ ਸਾਂਝ ਅਤੇ ਧਾਰਮਿਕ ਆਜ਼ਾਦੀ ਨੂੰ ਖ਼ਤਰੇ ਦਾ ਖਦਸ਼ਾ ਪ੍ਰਗਟਾਉਂਦਿਆਂ ਕਮਿਸ਼ਨ ਤੋਂ ਮੰਗ ਕੀਤੀ ਸੀ ਕਿ ਪ੍ਰਸ਼ਾਸਨ ਨੂੰ ਨਿਰਪੱਖ ਜਾਂਚ ਕਰਨ, ਮੁਲਜ਼ਮ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਸਿੱਖ ਧਾਰਮਿਕ ਚਿੰਨ੍ਹਾਂ ਤੇ ਭਾਵਨਾਵਾਂ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਕਮਿਸ਼ਨ ਦੇ ਸਹਾਇਕ ਰਜਿਸਟਰਾਰ (ਕਾਨੂੰਨ) ਬ੍ਰਿਜਵੀਰ ਸਿੰਘ ਵੱਲੋਂ ਜਾਰੀ ਪੱਤਰ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਿਪੋਰਟ ਦੀ ਇੱਕ ਕਾਪੀ ਈ-ਮੇਲ ਰਾਹੀਂ ਵੀ ਬੈਂਚ ਨੂੰ ਭੇਜੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




