
ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਅੱਜ ਚੰਡੀਗੜ੍ਹ ਪੀ. ਜੀ. ਆਈ. ਵਿਖੇ ਸ਼ੁਰੂ ਹੋ ਗਿਆ ਹੈ। 5 ਡਾਕਟਰਾਂ ਦੇ ਪੈਨਲ ਵਲੋਂ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਜਲਦੀ ਦੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਜੱਦੀ ਪਿੰਡ ਵਿਖੇ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਰਾਤ ਨੂੰ ਹੀ ਪੀ. ਜੀ. ਆਈ. ਲਿਆਂਦਾ ਗਿਆ ਸੀ। ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਿਛਲੇ 24 ਦਿਨਾਂ ਤੋਂ ਫਰੀਜ਼ਰ ‘ਚ ਪਈ ਰਹਿਣ ਕਾਰਨ ਬੀਤੇ ਕੱਲ ਪੋਸਟਮਾਰਟਮ ਨਹੀਂ ਕੀਤਾ ਜਾ ਸਕਿਆ ਸੀ।
ਮ੍ਰਿਤਕ ਦੇਹ ਦਾ ਤਾਪਮਾਨ ਬਹੁਤ ਜ਼ਿਆਦਾ ਠੰਡਾ ਹੋਣ ਕਾਰਨ ਡਾਕਟਰਾਂ ਵਲੋਂ ਵੀਰਵਾਰ ਨੂੰ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਝੋਟਾ ਦੀ ਮ੍ਰਿਤਕ ਦੇਹ ਦਾ ਹਰ 2 ਘੰਟਿਆਂ ਬਾਅਦ ਤਾਪਮਾਨ ਚੈੱਕ ਕੀਤਾ ਗਿਆ। ਜਦੋਂ ਵੀਰਵਾਰ ਸ਼ਾਮ ਨੂੰ ਮ੍ਰਿਤਕ ਦੇਹ ਦਾ ਤਾਪਮਾਨ ਚੈੱਕ ਕੀਤਾ ਗਿਆ ਤਾਂ ਉਸ ਵੇਲੇ ਵੀ ਤਾਪਮਾਨ ਆਮ ਨਹੀਂ ਸੀ, ਜਿਸ ਕਾਰਨ ਪੋਸਟਮਾਰਟਮ ਕਰਨ ਸੰਭਵ ਨਹੀਂ ਸੀ। ਇਸ ਤੋਂ ਬਾਅਦ ਅੱਜ ਸਵੇਰੇ ਜਦੋਂ ਡਾਕਟਰਾਂ ਨੇ ਮ੍ਰਿਤਕ ਦੇਹ ਦਾ ਤਾਪਮਾਨ ਚੈੱਕ ਕੀਤਾ ਤਾਂ ਇਹ ਥੋੜ੍ਹਾ ਜਿਹਾ ਅਨੁਕੂਲ ਪਾਇਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਦੇ ਪੈਨਲ ਵਲੋਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁਰੂ ਕੀਤਾ ਗਿਆ ਹੈ।
ਹੁਣ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਮਾਨਸਾ ਵਿਖੇ ਅੰਤਿਮ ਸਸਕਾਰ ਲਈ ਲਿਜਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




