
ਚੰਡੀਗੜ੍ਹ ਜੁਲਾਈ 31
ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਅਤੇ ਪੇਪਰ ਲੀਕ ਮਾਫੀਆ ਵਿਰੁੱਧ ਦਿੱਤੀ ਗਈ ਸਖ਼ਤ ਚੇਤਾਵਨੀ, ਨਾਲ ਹੀ ਸੰਸਦ ਵਿੱਚ ਪਾਸ ਕੀਤੇ ਗਏ ਸਖ਼ਤ ਕਾਨੂੰਨ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਵੱਲ ਇੱਕ ਦੂਰ-ਅੰਦੇਸ਼ ਅਤੇ ਬੇਹੱਦ ਲੋੜੀਂਦਾ ਕਦਮ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਬਣਾਈ ਰੱਖਣਾ ਅਤੇ ਨੌਜਵਾਨਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਢਿੱਲੋਂ ਨੇ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਵਿਦਿਆਰਥੀਆਂ ਦਾ ਮਨੋਬਲ ਤੋੜਦੀਆਂ ਹਨ, ਪਰ ਪ੍ਰਧਾਨ ਮੰਤਰੀ ਦੀ ਇਸ ਸਖ਼ਤ ਚੇਤਾਵਨੀ ਨੇ ਦੇਸ਼ ਭਰ ਦੇ ਨੌਜਵਾਨਾਂ ਵਿੱਚ ਨਵਾਂ ਭਰੋਸਾ ਅਤੇ ਉਤਸ਼ਾਹ ਭਰਿਆ ਹੈ।
ਦੂਜੇ ਪਾਸੇ, ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਸਿਆਸੀ ਹਿੱਤਾਂ ਲਈ ਦਿੱਲੀ ਨੌਜਵਾਨਾਂ ਨੂੰ ਭੜਕਾਉਂਦੇ ਰਹੇ, ਪਰ ਇੱਥੇ ਪੰਜਾਬ ਵਿੱਚ ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਇੱਥੇ ਲਗਾਤਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਕੇ ਸ਼ਰੇਆਮ ਬੇਈਮਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਫਰੀਦਕੋਟ ਫਾਰਮੇਸੀ ਪੇਪਰ ਨਕਲ ਕਾਂਡ, ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਪੇਪਰ ਲੀਕ, ਪੰਜਾਬ ਟੈੱਟ ਗੜਬੜੀ, ਪੀਐੱਸਐੱਸਐੱਸਬੀ ਗਰੁੱਪ-ਬੀ ਪੇਪਰ ਲੀਕ ਅਤੇ ਖੇਤੀਬਾੜੀ ਵਿਕਾਸ ਅਧਿਕਾਰੀ ਪੇਪਰ ਲੀਕ ਸਮੇਤ ਛੇ ਵੱਡੇ ਮਾਮਲਿਆਂ ਵਿੱਚ ਸਰਕਾਰ ਨੇ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਸਰਕਾਰ ਮੁੱਖ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਇਸ ਧੋਖੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸੂਬੇ ਦੇ ਸਿਹਤ ਅਤੇ ਸਿੱਖਿਆ ਮੰਤਰੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਢਿੱਲੋਂ ਨੇ ਕਿਹਾ ਕਿ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਪੇਪਰ ਲੀਕ ਮਾਫੀਆ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਅਪਣਾ ਕੇ ਸਖ਼ਤ ਕਾਨੂੰਨਾਂ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਪ੍ਰੀਖਿਆਵਾਂ ਨੂੰ ਸੁਰੱਖਿਅਤ ਬਣਾ ਰਹੀ ਹੈ, ਉੱਥੇ ਪੰਜਾਬ ਦੀ ਆਪ ਸਰਕਾਰ ਪ੍ਰੀਖਿਆਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਕੇ ਨੌਜਵਾਨਾਂ ਵਿੱਚ ਭਰੋਸਾ ਜਗਾ ਰਹੀ ਹੈ, ਜਦਕਿ ਪੰਜਾਬ ਸਰਕਾਰ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਵਿੱਚ ਅਸਲ ਦੋਸ਼ੀਆਂ ਨੂੰ ਬਚਾ ਕੇ ਵਿਦਿਆਰਥੀਆਂ ਦੇ ਮਨੋਬਲ ਨੂੰ ਲਗਾਤਾਰ ਢਾਹ ਲਾ ਰਹੀ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਰਾਸ਼ਟਰੀ ਪੱਧਰ ‘ਤੇ ਜਵਾਬਦੇਹੀ ਅਤੇ ਪਾਰਦਰਸ਼ਤਾ ਦੀ ਮਿਸਾਲ ਦਿਖਾਈ ਦਿੰਦੀ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਤੇ ਮੰਤਰੀਆਂ ਦੀ ਜ਼ਿੰਮੇਵਾਰੀ ਤੋਂ ਭੱਜਣ ਦੀ ਪ੍ਰਵਿਰਤੀ ਸਾਫ਼ ਨਜ਼ਰ ਆਉਂਦੀ ਹੈ। ਪੰਜਾਬ ਦੇ ਲੋਕ ਇਸ ਬੇਈਮਾਨੀ ਦਾ ਸਬਕ ਜ਼ਰੂਰ ਸਿਖਾਉਣਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




