Breaking NewsD5 specialNewsPress ReleasePunjabTop News

ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ‘ਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ -ਮੁੱਖ ਮੰਤਰੀ

ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾ
 
ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ
 
ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ
ਟਾਂਡਾ (ਹੁਸ਼ਿਆਰਪੁਰ) :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖ਼ਤਾ ਪਲਟਾਉਣਾ ਹੈ। ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ, ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨ੍ਹਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖ਼ਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖ਼ਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਖੜ੍ਹਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖ਼ਤਰਾ ਨਹੀਂ ਬਣ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ੍ਹ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਮੂਹ ਵੱਲੋਂ ਕੱਲ੍ਹ ਦੀ ਡਰਾਮੇਬਾਜ਼ੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ  ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ ‘ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸ਼ਾਹੀ ਵੰਸ਼ਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜ਼ਮਾਨਤ ਗੁਆ ਦੇਣਗੇ। ਅਕਾਲੀਆਂ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਦਹਾਕੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਪੰਜਾਬ ਵਿੱਚੋਂ ਹਰਾ ਕੇ ਸਬਕ ਸਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਹਨਾਂ ਵੱਲੋਂ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਆਦਤਨ ਤੌਰ ਉਤੇ ਝੂਠਾ’ ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਾਸੀ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜ੍ਹਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ, ਪਿੰਡ ਸੰਸਾਰਪੁਰ ਵਿਖੇ 66 ਕੇ.ਵੀ ਸਬ ਸਟੇਸ਼ਨ, ਟਾਂਡਾ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਪਣੇ ਹਲਕੇ ਵਿੱਚ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਸ੍ਰੀ ਗਿਲਜੀਆਂ ਨੇ ਲੋਕਾਂ ਦੀ ਸੇਵਾ ਹੋਰ ਵੀ ਜੋਸ਼ ਨਾਲ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਸ੍ਰੀ ਕੇ.ਐਸ. ਹੀਰ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button