PunjabTop News

ਪੰਜਾਬ ‘ਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ! ਰੋਡਵੇਜ਼/ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੀ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਅੱਜ ਮਿਤੀ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ,ਪਰ ਰਾਜ ਸੱਤਾ ਮਿਲਦਿਆਂ ਹੀ ਸਾਰੇ ਵਾਅਦਿਆਂ ਨੂੰ ਠੁੱਡਾ ਮਾਰ ਕੇ ਪਰ੍ਹਾਂ ਸੁੱਟ ਦਿੱਤਾ ਹੈ ਜਿਸ ਕਰਕੇ ਸੂਬੇ ਦੇ ਸਮੂਹ ਕੱਚੇ/ ਪੱਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਮਿਆਂ ਦੀਆਂ ਜਾਇਜ਼ ਮੰਗਾਂ ਸਬੰਧੀ ਹੁਣ ਤਕ ਲਗਪਗ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਕਾਮਿਆਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।
ਯੂਨੀਅਨ ਆਗੂਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਨ ਸਰਕਾਰ ਕੀਤੇ ਵਾਅਦੇ ਭੁੱਲ ਚੁੱਕੀ ਹੈ ,ਜਿਸ ਕਾਰਨ ਮੁਲਾਜ਼ਮਾਂ ਦੀਆਂ ਮੰਗਾਂ ਲਗਾਤਾਰ ਲਟਕਦੀਆਂ ਜਾ ਰਹੀਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ 2026 ਦੇ ਮੁਲਾਜ਼ਮ-ਬਿੱਲ ਤਹਿਤ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ,ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕਰਨ ਅਤੇ ਸੰਘਰਸ਼ ਦੌਰਾਨ ਰੋਡਵੇਜ਼ ਮੁਲਾਜ਼ਮਾਂ ਉੱਪਰ ਦਰਜ ਕੀਤੇ ਗਏ ਨਾਜਾਇਜ਼ ਪਰਚੇ ਰੱਦ ਕਰਕੇ ਤੁਰੰਤ ਮੰਗਾਂ ਪੂਰੀਆਂ ਕਰ ਕੇ ਨੋਟੀਫਿਕੇਸ਼ਨ ਜਾਰੀ ਕਰੇ। ਆਗੂਆਂ ਨੇ ਐਲਾਨ ਕੀਤਾ ਕਿ ਮੁਲਾਜ਼ਮ ਸ਼ੋਸ਼ਣ ਵਿਰੁੱਧ 21 ਅਕਤੂਬਰ ਤੋਂ ਪੰਜਾਬ ਭਰ ਵਿੱਚ ਰੋਡਵੇਜ਼ /ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button