Breaking NewsD5 specialNewsPress ReleasePunjabTop News

ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ ‘ਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼

– ਗਿਰੋਹ ਦੇ 4 ਮੈਂਬਰ ਨਕਲੀ ਸ਼ਰਾਬ ਸਮੇਤ ਕਾਬੂ
ਚੰਡੀਗੜ੍ਹ : ਪੰਜਾਬ ਦੇ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਵੱਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਗਿਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਉਸਨੂੰ ਮਹਿੰਗੇ ਇੰਪੋਰਟਡ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਸੀ। ਗਿਰੋਹ ਦੇ 4 ਮੈਂਬਰਾਂ ਨੂੰ ਨਕਲੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਿਵਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਮੌਕੇ ‘ਤੇ ਮਿਲੇ ਹਨ। ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸੰਗਠਿਤ ਗਿਰੋਹ ਚੰਡੀਗੜ੍ਹ ਤੋਂ ਪੰਜਾਬ ਵਿੱਚ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਇਸ ਨੂੰ ਮਹਿੰਗੇ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਦੇ ਸਾਂਝੇ ਯਤਨਾਂ ਨਾਲ ਇਹ ਖੁਫ਼ੀਆ ਜਾਣਕਾਰੀ ਹਾਸਲ ਕੀਤੀ ਗਈ ਸੀ। ਦੋ ਦਿਨ ਪਹਿਲਾਂ ਟੀਮ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਕੁੰਦਨ ਵਿਸ਼ਟ ਪੁੱਤਰ ਮੋਹਨ ਸਿੰਘ ਵਾਸੀ ਮਕਾਨ ਨੰਬਰ 226 ਪਿੰਡ ਕਝੇੜੀ, ਚੰਡੀਗੜ੍ਹ ਆਪਣੇ ਗਰੋਹ ਦੇ ਮੈਂਬਰਾਂ ਨਾਲ ਮਿਲ ਕੇ ਨਕਲੀ ਸਕਾਚ ਸ਼ਰਾਬ ਦੀ ਸਪਲਾਈ ਕਰੇਗਾ।
ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਲਈ ਆਬਕਾਰੀ ਤੇ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ ਦੀਆਂ ਟੀਮਾਂ ਹਰਕਤ ਵਿੱਚ ਆਈਆਂ ਅਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਟੀਮਾਂ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਦੋ ਕਾਰਾਂ ਟਾਟਾ ਟਿਆਗੋ ਸੀਐਚ01ਬੀਵੀ9460 ਅਤੇ ਸਵਿਫਟ ਐਚਆਰ51ਬੀਡੀ5918 ਨੂੰ ਖਮਾਣੋਂ ਨੇੜੇ ਨਾਕੇ ’ਤੇ ਰੋਕਿਆ ਗਿਆ ਅਤੇ ਗਰੋਹ ਦੇ ਚਾਰ ਮੈਂਬਰ ਕੁੰਦਨ ਵਿਸ਼ਟ, ਹਰਸ਼ਵਰਦਨ ਪੁੱਤਰ ਸਤੀਸ਼ਵਰ ਪ੍ਰਸ਼ਾਦ ਵਾਸੀ ਮਕਾਨ ਨੰ. 19, ਡਿਫੈਂਸ ਕਲੋਨੀ ਅੰਬਾਲਾ, ਪਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਨਰਾਇਣਗੜ੍ਹ, ਜ਼ਿਲ੍ਹਾ ਜੀਂਦ, ਹਰਿਆਣਾ ਅਤੇ ਜੈਸਮੀਨ ਕੌਰ ਪੁੱਤਰੀ ਰਾਜਵੀਰ ਸਿੰਘ ਵਾਸੀ ਸੰਗਰੂਰ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ। ਟੀਮ ਨੇ ਮੌਕੇ `ਤੇ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਵਿਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਬਰਾਮਦ ਕੀਤੇ।
ਪੁੱਛਗਿੱਛ ਦੌਰਾਨ ਗਿਰੋਹ ਦੇ ਮੈਂਬਰਾਂ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਦੇ ਹਨ ਅਤੇ ਆਪਣੀ ਕਿਰਾਏ ਦੀ ਰਿਹਾਇਸ਼ ਵਿਖੇ ਇਸ ਸ਼ਰਾਬ ਨੂੰ ਮਹਿੰਗੀ ਸਕਾਚ ਦੀਆਂ ਖਾਲੀ ਬੋਤਲਾਂ `ਚ ਭਰ ਦਿੰਦੇ ਹਨ। ਬਾਅਦ ਵਿਚ ਟੀਮ ਨੇ ਪਰਦੀਪ ਸਿੰਘ ਅਤੇ ਜੈਸਮੀਨ ਕੌਰ ਦੇ ਮਦਨਪੁਰ, ਜ਼ਿਲ੍ਹਾ ਮੋਹਾਲੀ ਵਿਚ ਕਿਰਾਏ ਦੇ ਮਕਾਨ `ਤੇ ਛਾਪਾ ਮਾਰ ਕੇ 2 ਕੇਸ ਹਾਈ ਸਪੀਡ (ਚੰਡੀਗੜ੍ਹ ਵਿਚ ਵਿਕਰੀ ਲਈ), 2 ਕੇਸ ਕਿੰਗ ਗੋਲਡ (ਚੰਡੀਗੜ੍ਹ ਵਿਚ ਵਿਕਰੀ ਲਈ), ਇੱਕ ਕੇਸ ਯੂ.ਕੇ. ਨੰ. 1 (ਚੰਡੀਗੜ੍ਹ ਵਿੱਚ ਵਿਕਰੀ ਲਈ), ਯੂ.ਕੇ. ਨੰ. 1 ਦੀਆਂ 150 ਖਾਲੀ ਬੋਤਲਾਂ (ਚੰਡੀਗੜ੍ਹ ਵਿੱਚ ਵਿਕਰੀ ਲਈ), ਹਾਈ ਸਪੀਡ ਵਿਸਕੀ ਦੀਆਂ 21 ਖਾਲੀ ਬੋਤਲਾਂ, ਸਿੰਗਲਟਨ ਵਿਸਕੀ ਦੀਆਂ 3 ਖਾਲੀ ਬੋਤਲਾਂ, ਬਲੈਕ ਲੇਬਲ ਜੌਨੀ ਵਾਕਰ ਦੀਆਂ 5 ਖਾਲੀ ਬੋਤਲਾਂ, ਬਲੂ ਲੇਬਲ ਦੀਆਂ 14 ਖਾਲੀ ਬੋਤਲਾਂ, ਗਲੇਨਲਿਵਟ ਦੇ 5 ਡੱਬੇ, ਬਲੈਕ ਡੌਗ ਗੋਲਡ ਦੇ 2 ਡੱਬੇ, ਗਲੇਨਫਿਡਿਚ 15 ਯੀਅਰਜ਼ ਦਾ ਇੱਕ ਡੱਬਾ ਅਤੇ ਗਲੇਨਲਿਵਟ, ਗਲੇਨਫਿਡਿਚ ਅਤੇ ਬਲੈਕ ਲੇਬਲ ਬ੍ਰਾਂਡਾਂ ਦੇ ਢੱਕਣ ਜ਼ਬਤ ਕੀਤੇ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਮੁਹਾਲੀ ਅਤੇ ਲੁਧਿਆਣਾ ਖੇਤਰ ਦੇ ਵੱਖ-ਵੱਖ ਸਕਰੈਪ ਡੀਲਰਾਂ ਤੋਂ ਸਕਾਚ ਬ੍ਰਾਂਡ ਦੀਆਂ ਖਾਲੀ ਬੋਤਲਾਂ ਖਰੀਦਦੇ ਹਨ ਅਤੇ ਉਹ ਵੀ ਇਸ ਰੈਕੇਟ ਵਿੱਚ ਸ਼ਾਮਲ ਹਨ। ਪੁਲਿਸ ਦੀਆਂ ਟੀਮਾਂ ਇਨ੍ਹਾਂ ਡੀਲਰਾਂ ਦਾ ਪਤਾ ਕਰ ਰਹੀਆਂ ਹਨ ਅਤੇ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ `ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕੁੰਦਨ ਵਿਸ਼ਟ, ਹਰਸ਼ਵਰਦਨ, ਪਰਦੀਪ ਸਿੰਘ ਅਤੇ ਜੈਸਮੀਨ ਕੌਰ ਦੇ ਖਿਲਾਫ਼ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਤੇ 78(2) ਅਤੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਪੁਲਿਸ ਥਾਣਾ ਖਮਾਣੋਂ ਵਿਖੇ ਐਫਆਈਆਰ ਨੰ. 60 ਮਿਤੀ 26-05-2022 ਦਰਜ ਕੀਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button