Breaking NewsD5 specialNewsPress ReleasePunjab

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਮੱਧ ਪ੍ਰਦੇਸ਼ ਆਧਾਰਤ ਅਜਿਹਾ ਚੌਥਾ ਮਡਿਊਲ
ਚੰਡੀਗੜ੍ਹ:ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ  ਮਡਿਊਲ ਦਾ ਪਰਦਾਫਾਸ਼ ਕੀਤਾ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਅੰਤਰਰਾਜੀ ਕਾਰਵਾਈ ਦੌਰਾਨ ਸਟੇਟ ਕਾਉਂਟਰ ਇੰਟੈਲੀਜੈਂਸ, ਅੰਮਿ੍ਰਤਸਰ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲੇ ਦੇ ਪਿੰਡ ਜਮਲੀ ਗਾਇਤਰੀ ਧਾਮ ਦੇ ਰਹਿਣ ਵਾਲੇ ਜੀਵਨ (19) ਅਤੇ ਬੜਵਾਨੀ  (ਮੱਧ ਪ੍ਰਦੇਸ਼) ਦੇ ਪਿੰਡ ਉਮਰਤੀ ਦੇ ਵਿਜੇ ਠਾਕੁਰ (25) ਨੂੰ ਬੜਵਾਨੀ ਜ਼ਿਲੇ ਦੇ ਪਿੰਡ ਸੇਂਧਵਾ ਦੇ ਖੇਤਰ ’ਚੋਂ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਮੈਗਜ਼ੀਨਾਂ ਸਮੇਤ 39 ਪਿਸਤੌਲਾਂ (.32 ਬੋਰ) ਬਰਾਮਦ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਇਹ ਸਫ਼ਲਤਾ ਕਪੂਰਥਲਾ ਪੁਲਿਸ ਵੱਲੋਂ ਬੜਵਾਨੀ, ਮੱਧ ਪ੍ਰਦੇਸ਼ ਤੋਂ ਮੁੱਖ ਸਪਲਾਇਰ ਦੀ ਗਿ੍ਰਫਤਾਰੀ ਨਾਲ ਇਕ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਹਾਸਲ ਹੋਈ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਵਿੱਚ ਬੇਨਕਾਬ ਕੀਤਾ ਗਿਆ ਇਹ ਮੱਧ ਪ੍ਰਦੇਸ਼ ਦਾ ਅਜਿਹਾ ਚੌਥਾ ਮਡਿਊਲ ਹੈ। ਇਸ ਤੋਂ ਪਹਿਲਾਂ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ, ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਰਫ਼ਤਾਰੀ ਨਾਲ ਮੱਧ ਪ੍ਰਦੇਸ਼ ਵਿੱਚ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਯੂਨਿਟ ਸਮੇਤ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ।
ਇਹ ਚਿੰਤਾ ਜ਼ਾਹਰ ਕਰਦਿਆਂ ਕਿ ਮੱਧ ਪ੍ਰਦੇਸ਼ ਦੇ ਜ਼ਿਲਾ ਖੜਗੋਨ, ਬੜਵਾਨੀ ਅਤੇ ਬੁਰਹਾਨਪੁਰ ਦੇ ਖੇਤਰ ਬਿਹਤਰ ਕੁਆਲਟੀ ਦੇ .30 ਬੋਰ ਅਤੇ .32 ਬੋਰ ਹਥਿਆਰਾਂ ਦੇ ਨਿਰਮਾਣ ਅਤੇ ਦੇਸ਼ ਭਰ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਇਨਾਂ ਦੀ ਸਪਲਾਈ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਹੇ ਹਨ, ਡੀ.ਜੀ.ਪੀ. ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਗੈਰ ਕਾਨੂੰਨੀ ਹਥਿਆਰ ਬਣਾਉਣ ਵਾਲੀਆਂ ਇਕਾਈਆਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਵੱਖ ਵੱਖ ਇਕਾਈਆਂ ਨੇ ਇਸ ਤੋਂ ਪਹਿਲਾਂ ਸੂਬੇ ’ਚੋਂ ਮੱਧ ਪ੍ਰਦੇਸ਼ ਦੇ ਬਣੇ ਹੋਏ ਗੈਰ ਕਾਨੂੰਨੀ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸਤੰਬਰ, 2020 ਤੋਂ ਹੁਣ ਤੱਕ ਮੱਧ ਪ੍ਰਦੇਸ਼ ਦੇ ਬਣੇ ਹੋਏ ਤਕਰੀਬਨ 122 ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਕਾਉਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੇ 12 ਜੂਨ 2021 ਨੂੰ ਤਰਨ ਤਾਰਨ ਵਾਸੀ ਹੀਰਾ ਸਿੰਘ ਅਤੇ ਹਰਮਨਦੀਪ ਸਿੰਘ ਨਾਮੀ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਉਨਾਂ ਪਾਸੋਂ ਤਿੰਨ ਦੇਸੀ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਸੀ ਅਤੇ ਉਨਾਂ ਦੀ ਪੁੱਛ-ਪੜਤਾਲ ਦੌਰਾਨ ਇਹ ਖੁਲਾਸਾ ਹੋਇਆ ਕਿ ਉਨਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਸਮੁੱਚੇ ਮਡਿਊਲ ਦਾ ਪਰਦਾਫਾਸ਼ ਕਰਨ ਲਈ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਨੂੰ ਮੱਧ ਪ੍ਰਦੇਸ਼ ਭੇਜਿਆ ਗਿਆ।ਉਨਾਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਪਤਾ ਚੱਲਿਆ ਕਿ ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ।ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮਿ੍ਰਤਸਰ ਵਿਖੇ ਐਫ.ਆਈ.ਆਰ. ਨੰਬਰ 15 ਮਿਤੀ 12.06.2021 ਪਹਿਲਾਂ ਹੀ ਦਰਜ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button