ਫੈਸਲੇ ਨੂੰ ਰੱਦ ਕਰਵਾਉਣ ਲਈ ਬੀਕੇਯੂ ਉਗਰਾਹਾਂ ਦਿੱਤਾ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ।
ਚੰਡੀਗੜ੍ਹ ,21ਫਰਵਰੀ 2023 : ਪੰਜਾਬ ਸਰਕਾਰ ਵੱਲੋਂ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਬੰਦ ਕਰਕੇ ਹੁਣ ਦਿਨ ਦੀ ਬਜਾਏ ਰਾਤ 8 ਵਜੇ ਤੋਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜਿਸਦਾ ਵਿਰੋਧ ਕਰਦਿਆਂ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਣ ਲਈ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਅਤੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪਹਿਲਾਂ ਦੀ ਤਰਾਂ ਦਿਨ ਵੇਲੇ ਵੀ ਦੇਣ ਦੀ ਮੰਗ ਕੀਤੀ। ਜਦੋਂਕਿ ਬਿਜਲੀ ਵਿਭਾਗ ਦੇ ਐਕਸੀਅਨ ਨੇ ਕਿਹਾ ਕਿ ਬਿਜਲੀ ਸਪਲਾਈ ਬਾਰੇ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਸੀਰ ਸਿੰਘ ਅਤੇ ਉੱਤਮ ਸਿੰਘ ਨੇ ਕਿਹਾ ਕਿ ਅੱਜ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮਿਲਣ ਵਾਲੀ ਬਿਜਲੀ ਸਪਲਾਈ ਦਾ ਸ਼ਡਿਊਲ ਪਹਿਲਾਂ ਦੀ ਤਰਾਂ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਨ ਸਮੇਂ ਬਿਜਲੀ ਸਪਲਾਈ ਬੰਦ ਕਰਨ ਨਾਲ ਕਿਸਾਨਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ ਕਿਉਂਕਿ ਇਹ ਰਾਜ ਸਮੇਂ ਫ਼ਸਲਾਂ ਨੂੰ ਪਾਣੀ ਜ਼ਿਆਦਾ ਲੱਗ ਜਾਂਦਾ ਹੈ ਜਿਸ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪਹਿਲਾਂ ਦੀ ਤਰ੍ਹਾਂ ਹੀ ਦਿੱਤੀ ਜਾਵੇ ਅਤੇ ਜੇਕਰ ਸਰਕਾਰ ਨੇ ਇਸ ਫ਼ੈਸਲੇ ਨੂੰ ਨਾਂ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਉੱਧਰ, ਬਿਜਲੀ ਵਿਭਾਗ ਦੇ ਐਕਸੀਅਨ ਉਦੇਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਜੋ ਵੀ ਫੈਸਲਾ ਆਵੇਗਾ, ਉਹ ਲਾਗੂ ਕਰ ਦਿੱਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.