ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ 3.28 ਕਰੋੜ ਰੁਪਏ ਦੀ ਗਰਾਂਟ ਜਾਰੀ: ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਬਡਰੁੱਖਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ।
ਇਸ ਮੌਕੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ ਕਰੀਬ 3.28 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਜਿਸ ਨਾਲ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ ਦਾ ਨਿਰਮਾਣ ਕੀਤਾ ਜਾਵੇਗਾ ਜਦਕਿ 15ਵੇਂ ਵਿੱਤ ਕਮਿਸ਼ਨ ਵਿੱਚੋਂ 20 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਰੀਬ 2.68 ਕਰੋੜ ਰੁਪਏ ਨਾਲ 8 ਨਹਿਰੀ ਖਾਲਿਆਂ ਨੂੰ ਅੰਡਰ ਗਰਾਊਂਡ ਕਰਕੇ ਪੱਕਾ ਕੀਤਾ ਜਾਵੇਗਾ। ਸ਼੍ਰੀ ਅਰੋੜਾ ਨੇ ਕਿਹਾ ਕਿ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਤਹਿਤ ਕੇਵਲ 10 ਪ੍ਰਤੀਸ਼ਤ ਰਾਸ਼ੀ ਕਿਸਾਨ ਵੀਰਾਂ ਨੂੰ ਪਾਉਣੀ ਪਵੇਗੀ ਜਦਕਿ 90 ਪ੍ਰਤੀਸ਼ਤ ਰਾਸ਼ੀ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਵਧ ਚੜ੍ਹ ਕੇ ਉਠਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਬਡਰੁੱਖਾਂ ਵਿਖੇ ਲਾਇਬ੍ਰੇਰੀ ਦੇ ਨਿਰਮਾਣ ਕਾਰਜ ਅਗਲੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਦੋਵੇਂ ਮਹੱਤਵਪੂਰਨ ਖੇਤਰਾਂ ਵਿੱਚ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸ਼੍ਰੀ ਅਰੋੜਾ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਹੀ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਨਾਲ ਹੀ ਭਵਿੱਖ ਵਿੱਚ ਇਹ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ ਅਤੇ ਆਪਣੇ ਪਰਿਵਾਰਾਂ ਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ।
ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਖੇਤਰਾਂ ਵਿੱਚ ਹਰ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਯੋਜਨਾਬੱਧ ਢੰਗ ਨਾਲ ਕਦਮ ਪੁੱਟ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਚੇਅਰਪਰਸਨ ਬਲਾਕ ਸੰਮਤੀ ਸੰਗਰੂਰ ਜਸਪਾਲ ਕੌਰ, ਬੀਡੀਪੀਓ ਗੁਰਦਰਸ਼ਨ ਸਿੰਘ, ਸੀਨੀਅਰ ਆਗੂ ਹਰਪਾਲ ਸਿੰਘ ਬਡਰੁੱਖਾਂ, ਮੁੱਖ ਅਧਿਆਪਕ ਵਿਸ਼ਾਲ ਸ਼ਰਮਾ, ਕਾਲਾ ਬਡਰੁੱਖਾਂ, ਜੱਸੀ ਬਡਰੁੱਖਾਂ, ਬਲਾਕ ਪ੍ਰਧਾਨ ਗੁਰਿੰਦਰਪਾਲ ਸਿੰਘ ਖੇੜੀ, ਕਰਮ ਸਿੰਘ ਬਰਾੜ, ਜਪਿੰਦਰ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ ਅਤੇ ਜਗਦੀਪ ਸਿੰਘ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.