PunjabTop News

ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਨਮਾਨ ਅਤੇ ਸੁਰੱਖਿਅਤ ਜੀਵਨ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਅਤੇ ਕਾਨੂੰਨੀ ਹੱਕ ਦੇਣ ਵਾਲਾ ਮਹੱਤਵਪੂਰਨ ਕਾਨੂੰਨ ਹੈ। ਇਸ ਐਕਟ ਤਹਿਤ ਉਹ ਮਾਪੇ ਜੋ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਆਪਣੇ ਬੱਚਿਆਂ ਜਾਂ ਵਾਰਸਾਂ ਤੋਂ ਭਰਨ-ਪੋਸ਼ਣ ਦੀ ਮੰਗ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਬਜ਼ੁਰਗਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਨੂੰ ਸੌਖੇ ਤੇ ਸਮਾਂਬੱਧ ਢੰਗ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਹਾਸਲ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਕਰਨਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਹੀ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।
ਮੰਤਰੀ ਨੇ ਬਜ਼ੁਰਗਾਂ ਲਈ ਚਲਾਈ ਜਾ ਰਹੀ ਐਲਡਰ ਲਾਈਨ ਹੈਲਪਲਾਈਨ ਨੰਬਰ 14567 ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਈ ਵੀ ਸੀਨੀਅਰ ਸਿਟੀਜ਼ਨ ਮਾਨਸਿਕ, ਕਾਨੂੰਨੀ ਜਾਂ ਸਰੀਰਕ ਸਮੱਸਿਆ ਦੀ ਸਥਿਤੀ ਵਿੱਚ ਇਸ ਮੁਫ਼ਤ ਸੇਵਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਸਹਾਰਾ ਹੈ।
ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ &dhapos;ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਸਥਾਨਕ ਲੋਕਾਂ ਦਾ ਸਹਿਯੋਗ ਵੀ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਵਿਸ਼ੇਸ਼ ਸਿਹਤ ਕੈਂਪ ਵੀ ਲਗਾਏ ਜਾਂਦੇ ਹਨ, ਤਾਂ ਜੋ ਬਜ਼ੁਰਗਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਡਾਕਟਰੀ ਜਾਂਚ ਦੀ ਸਹੂਲਤ ਮਿਲ ਸਕੇ।
ਮੰਤਰੀ ਨੇ ਦੱਸਿਆ ਕਿ ਇਸ ਐਕਟ ਤਹਿਤ ਬਜ਼ੁਰਗ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਾਂ ਸਬੰਧਤ ਐਸਡੀਐਮ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਐਸਡੀਐਮ ਇਸ ਐਕਟ ਤਹਿਤ ਮੇਨਟੇਨੈਂਸ ਟ੍ਰਿਬਿਊਨਲ ਵਜੋਂ ਕੰਮ ਕਰਦੇ ਹਨ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਬਜ਼ੁਰਗ ਆਪਣੀ ਦੇਖਭਾਲ ਦੀ ਸ਼ਰਤ &dhapos;ਤੇ ਜਾਇਦਾਦ ਕਿਸੇ ਦੇ ਨਾਮ ਕਰਦਾ ਹੈ ਅਤੇ ਬਾਅਦ ਵਿੱਚ ਉਸ ਦੀ ਸੰਭਾਲ ਨਹੀਂ ਕੀਤੀ ਜਾਂਦੀ ਤਾਂ ਟ੍ਰਿਬਿਊਨਲ ਕੋਲ ਜਾਇਦਾਦ ਦਾ ਤਬਾਦਲਾ ਰੱਦ ਕਰਨ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਬਿਰਧ ਆਸ਼ਰਮਾਂ ਅਤੇ ਭਰਨ-ਪੋਸ਼ਣ ਅਧਿਕਾਰੀਆਂ ਦੀ ਵਿਵਸਥਾ ਵੀ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ ਪਰਿਵਾਰ ਅਤੇ ਸਮਾਜ ਦੀ ਨੀਂਹ ਹੁੰਦੇ ਹਨ। ਉਨ੍ਹਾਂ ਦੀ ਸੇਵਾ ਅਤੇ ਸਨਮਾਨ ਕਰਨਾ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਹਿੱਸਾ ਹੈ। ਪੰਜਾਬ ਸਰਕਾਰ ਬਜ਼ੁਰਗਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਹਰ ਸੰਭਵ ਯਤਨ ਕਰਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button