ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਲ 2015 ਵਿੱਚ ਬਰਗਾੜੀ ਕਾਂਡ ਦੇ ਸ਼ਹੀਦਾਂ ਦੇ ਭੋਗ ਸਮਾਗਮ ਦੌਰਾਨ ਭਗਵੰਤ ਮਾਨ ਨਸ਼ੇ ਦੀ ਹਾਲਤ ਵਿੱਚ ਪਹੁੰਚੇ ਸਨ ਅਤੇ ਉਸ ਸਮੇਂ ਉਨ੍ਹਾਂ ਨੂੰ ਸਮਾਗਮ ਤੋਂ ਬਾਹਰ ਜਾਣ ਲਈ ਕਿਹਾ ਗਿਆ ਸੀ।
ਐਡਵੋਕੇਟ ਐੱਚ.ਐੱਸ. ਫੂਲਕਾ ਨੇ ਕਿਹਾ ਕਿ “ਉਨ੍ਹਾਂ ਕੋਲ ਉਸ ਸਮੇਂ ਦੀ ਇੱਕ ਪੁਰਾਣੀ ਵੀਡੀਓ ਮੌਜੂਦ ਹੈ, ਜਿਸ ਨੂੰ ਉਹ ਲੋਕਾਂ ਸਾਹਮਣੇ ਰੱਖ ਰਹੇ ਹਨ। ਉਸ ਸਮੇਂ ਮੌਜੂਦ ਲੋਕਾਂ ਵੱਲੋਂ ਭਗਵੰਤ ਮਾਨ ਨੂੰ ਘੇਰ ਕੇ ਸਵਾਲ ਪੁੱਛੇ ਗਏ ਸਨ ਕਿ ਉਹ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਇਸ ਤਰ੍ਹਾਂ ਕਿਉਂ ਆਏ ਹਨ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਅਤੇ ਪਹਿਲਾਂ ਵੀ ਕਈ ਅਜਿਹੇ ਮੌਕੇ ਸਾਹਮਣੇ ਆਏ ਹਨ, ਜਦੋਂ ਭਗਵੰਤ ਮਾਨ ਦੇ ਵਿਵਹਾਰ ‘ਤੇ ਸਵਾਲ ਉੱਠੇ ਹਨ। ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਉਸਦਾ ਆਪਣਾ ਮਾਮਲਾ ਹੋ ਸਕਦਾ ਹੈ, ਪਰ ਗੁਰੂ ਘਰ ਜਾਂ ਧਾਰਮਿਕ ਅਸਥਾਨਾਂ ‘ਤੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਜਾਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਜੇਕਰ ਕੋਈ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਗੁਰਦੁਆਰੇ ਜਾਂਦਾ ਹੈ ਤਾਂ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।”
ਇਸ ਦੇ ਨਾਲ ਹੀ ਐੱਚ.ਐੱਸ. ਫੂਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਵੀ ਵਿਚਾਰ ਅਧੀਨ ਲਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਲੋੜ ਹੋਵੇ ਤਾਂ ਉਚਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਿਤ ਮਹੱਤਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਫੂਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਅਤੇ ਸਨਮਾਨ ਨੂੰ ਘਟਾਉਣ ਦੀ ਹਰ ਕੋਸ਼ਿਸ਼ ਦਾ ਸਿੱਖ ਸੰਗਤਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ‘ਤੇ ਸਾਵਧਾਨ ਰਹਿਣ ਅਤੇ ਕਿਸੇ ਵੀ ਸੰਸਥਾ ਦੀ ਧਾਰਮਿਕ ਮਰਿਆਦਾ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਸਮਰਥਨ ਨਾ ਕਰਨ। ਫੂਲਕਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮੀਅਤ ਨੂੰ ਘਟਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ ਅਤੇ ਇਸ ਵਾਰ ਵੀ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.