ਬਾਘਾਪੁਰਾਣਾ ਚ ਸਰਪੰਚ ਕਤਲ ਕਾਂਡ ਦਾ ਮੁਲਜ਼ਮ ਲਦਾਖ਼ ਤੋਂ ਕਾਬੂ

ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਵਿੱਚ ਬੀਤੇ ਸ਼ੁੱਕਰਵਾਰ ਨੂੰ ਪਿੰਡ ਪੱਤੋ ਹੀਰਾ ਸਿੰਘ ਵਾਲਾ ਦੇ ਸਰਪੰਚ ਹਰਵਿੰਦਰ ਸਿੰਘ ਹੈਪੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਰੁਪਿੰਦਰ ਕੌਰ ਦੇ ਪਤੀ ਮਨਪ੍ਰੀਤ ਸਿੰਘ ਉਰਫ਼ ਬਬਲੂ ਨੂੰ ਕਸ਼ਮੀਰ ਦੇ ਲੱਦਾਖ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਪੁਲਿਸ ਉਸ ਨੂੰ ਮੋਗਾ ਲਿਆ ਕੇ ਪੁੱਛਗਿੱਛ ਕਰੇਗੀ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।ਪਿੰਡ ਪੱਤੋ ਹੀਰਾ ਸਿੰਘ ਵਾਲਾ ਦੇ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਦੇ ਕਤਲ ਦੇ ਮਾਮਲੇ ਵਿੱਚ ਬਾਘਾਪੁਰਾਣਾ ਪੁਲਿਸ ਨੇ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਨਪ੍ਰੀਤ ਸਿੰਘ ਉਰਫ਼ ਬਬਲੂ, ਜੋਬਨਪ੍ਰੀਤ ਸਿੰਘ, ਜਸਵੰਤ ਸਿੰਘ (ਵਾਸੀ ਪਿੰਡ ਜੈਮਲਵਾਲਾ), ਜਸਕਰਨ ਸਿੰਘ ਉਰਫ਼ ਜੱਸੂ ਸ਼ਰਮਾ (ਵਾਸੀ ਪਿੰਡ ਪੱਤੋ ਹੀਰਾ ਸਿੰਘ) ਅਤੇ 6 ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 10 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ 6 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 11:30 ਵਜੇ ਥਾਣੇ ਤੋਂ ਕੁਝ ਹੀ ਦੂਰੀ ‘ਤੇ ਕੋਟਕਪੂਰਾ ਰੋਡ ‘ਤੇ ਇਹ ਵਾਰਦਾਤ ਵਾਪਰੀ ਸੀ। ਆਪਣੀ ਥਾਰ ਗੱਡੀ ‘ਤੇ ਸਵਾਰ ਹੋ ਕੇ ਜਿੰਮ ਆਏ ਅਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਰਪੰਚ ‘ਤੇ ਪੁਰਾਣੀ ਰੰਜਿਸ਼ ਕਾਰਨ 10 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ ਸਨ।
ਗੋਲੀਆਂ ਦੀ ਗੜਗੜਾਹਟ ਨਾਲ ਪੂਰੇ ਕਸਬੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਗੰਭੀਰ ਜ਼ਖ਼ਮੀ ਸਰਪੰਚ ਨੂੰ ਇਲਾਜ ਲਈ ਨਜ਼ਦੀਕੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਐਸ.ਐਸ.ਪੀ. ਮੋਗਾ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਸਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਹੈ।
ਐਸ.ਐਸ.ਪੀ. ਅਜੈ ਗਾਂਧੀ ਨੇ ਭਰੋਸਾ ਦਿੱਤਾ ਸੀ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਫ਼ਰਾਰ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਦੀ ਮਦਦ ਨਾਲ ਮੁੱਖ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਬਬਲੂ ਨੂੰ ਲੱਦਾਖ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




